ਸ੍ਰੀ ਫਤਹਿਗੜ੍ਹ ਸਾਹਿਬ/7 ਮਈ:
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਨੇ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਫੈਲਣ ਵਾਲੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਸਮੇਂ ਸਮੇਂ ਉੱਤੇ ਲੋਕ ਹਿੱਤ ਵਿੱਚ ਜਾਰੀ ਹੋਣ ਵਾਲੀ ਅਡਵਾਈਜ਼ਰੀ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫਵਾਹ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਭਾਵੇਂ ਬਲੈਕ ਆਊਟ ਡਰਿੱਲ ਨਹੀਂ ਕੀਤੀ ਗਈ ਪਰ ਫਿਰ ਵੀ ਲੋਕਾਂ ਨੂੰ ਸ਼ਾਂਤ ਰਹਿੰਦੇ ਹੋਏ ਚੌਕਸੀ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਸਹਿਜ ਵਿੱਚ ਰਹਿੰਦੇ ਹੋਏ ਪ੍ਰਸ਼ਾਸ਼ਨ ਨੂੰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਾਸਤੇ ਸਹਿਯੋਗ ਦੇਣ।ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਚੈਕਿੰਗ ਅਭਿਆਨ ਨੂੰ ਜਾਰੀ ਰੱਖਣ ਦੇ ਨਾਲ ਨਾਲ ਨਾਗਰਿਕਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ।ਜ਼ਿਲ੍ਹਾ ਪੁਲਿਸ ਮੁਖੀ ਦੇ ਆਦੇਸ਼ਾਂ ਉਤੇ ਐਸ.ਪੀ. ਰਾਕੇਸ਼ ਕੁਮਾਰ ਯਾਦਵ ਨੇ ਡੀ.ਐਸ.ਪੀ. ਰਾਜ ਕੁਮਾਰ ਅਤੇ ਪੁਲਿਸ ਫੋਰਸ ਸਮੇਤ ਬਸੀ ਪਠਾਣਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਥਿਤੀ ਪੂਰੀ ਤਰ੍ਹਾਂ ਸ਼ਾਂਤ ਅਤੇ ਸੁਰੱਖਿਅਤ ਹੈ ਅਤੇ ਕਿਸੇ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ।