ਸ੍ਰੀ ਫਤਹਿਗੜ੍ਹ ਸਾਹਿਬ/8 ਮਈ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ 10 ਮਈ ਨੂੰ ਜ਼ਿਲ੍ਹੇ ਵਿੱਚ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 10 ਮਈ ਨੂੰ ਸਾਲ 2025 ਦੀ ਦੂਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਤਰ੍ਹਾਂ ਦੇ ਰਾਜੀਨਾਮੇਯੋਗ ਝਗੜਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਫ਼ਤਹਿਗੜ੍ਹ ਸਾਹਿਬ, ਅਮਲੋਹ ਤੇ ਖਮਾਣੋਂ ਦੀ ਸਬ ਅਦਾਲਤਾਂ ਵਿੱਚ ਵੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅਰੁਣ ਗੁਪਤਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗਜ਼ੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਕੌਮੀ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਬੀਮਾ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਲੋਕ ਅਦਾਲਤਾਂ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ।ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਕੌਮੀ ਲੋਕ ਅਦਾਲਤ ਦੇ ਬਹੁਤ ਲਾਭ ਹਨ ਕਿਉਂਕਿ ਕੌਮੀ ਲੋਕ ਅਦਾਲਤ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ ਜਿਸ ਨਾਲ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਇਸ ਤੋਂ ਇਲਾਵਾ ਕੌਮੀ ਲੋਕ ਅਦਾਲਤ ਵਿੱਚ ਕੀਤੇ ਗਏ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਕੀਤੀ ਜਾ ਸਕਦੀ ਅਤੇ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਨਾਲ ਜਿਥੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਹੀ ਆਪਸੀ ਮਤਭੇਦ ਵੀ ਦੂਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਜਿਹੜੇ ਵਿਅਕਤੀਆਂ ਦੇ ਕੇਸ ਕਿਸੇ ਅਦਾਲਤ ਵਿੱਚ ਲੰਬਿਤ ਪਏ ਹਨ ਉਹ ਕੌਮੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਲਾਭ ਉਠਾ ਸਕਦੇ ਹਨ।