ਸ੍ਰੀ ਫ਼ਤਹਿਗੜ੍ਹ ਸਾਹਿਬ/ 22 ਮਈ:
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਆਬਕਾਰੀ ਤੇ ਪੁਲਿਸ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਰੱਖਦੇ ਹੋਏ ਜ਼ਿਲ੍ਹਾ ਫਤਹਿਗੜ ਸਾਹਿਬ ਵਿਚ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਸਖਤੀ ਨਾਲ ਰੋਕਣ ਦੇ ਹੁਕਮ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਪੱਧਰ 'ਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਸਲਾਖ਼ਾਂ ਪਿੱਛੇ ਜ਼ਰੂਰ ਪਹੁੰਚਾਇਆ ਜਾਵੇ ਜੋ ਨਜਾਇਜ਼ ਸ਼ਰਾਬ ਦੇ ਕਾਲੇ ਕਾਰੋਬਾਰ ਦਾ ਪਾਸਾਰ ਕਰ ਰਹੇ ਹਨ ਅਤੇ ਕੀਮਤੀ ਜਾਨਾਂ ਨੂੰ ਖਤਰੇ ਵਿੱਚ ਪਾ ਰਹੇ ਹਨ। ਉਨ੍ਹਾਂ ਨੇ ਹਦਾਇਤ ਕੀਤੀ ਕਿ ਨਾਜਾਇਜ਼ ਸ਼ਰਾਬ ਦੇ ਗੈਰ ਕਾਨੂੰਨੀ ਭੰਡਾਰ ਅਤੇ ਵਿਕਰੀ ਨੂੰ ਰੋਕਣ ਹਿੱਤ ਨਿਯਮਿਤ ਤੌਰ 'ਤੇ ਖਾਲੀ ਗੁਦਾਮਾਂ, ਖੰਡਰ ਇਮਾਰਤਾਂ ਅਤੇ ਬੰਦ ਪਈਆ ਫੈਕਟਰੀਆਂ ਦੀ ਚੈਕਿੰਗ ਵੀ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਕਲੀ ਸ਼ਰਾਬ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾਣ ਅਤੇ ਨਜਾਇਜ਼ ਜਾਂ ਜ਼ਹਿਰੀਲੀ ਸ਼ਰਾਬ ਦੇ ਮਾੜੇ ਪ੍ਰਭਾਵਾਂ ਤੋਂ ਮਜ਼ਦੂਰਾਂ ਨੂੰ ਜਾਣੂ ਕਰਵਾਉਣ ਲਈ ਢਾਬਿਆਂ, ਸ਼ੈਲਰਾਂ, ਫੈਕਟਰੀਆਂ, ਇੱਟਾਂ ਦੇ ਭੱਠਿਆਂ ਉੱਤੇ ਜਾ ਕੇ ਵੀ ਜਾਗਰੂਕਤਾ ਪੈਦਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਮਤ ਤੌਰ 'ਤੇ ਸਾਰੇ ਐਲ-17 ਲਾਇਸੰਸਧਾਰਕਾਂ ਦੀ ਜਾਂਚ ਪੜਤਾਲ ਕਰਨੀ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਪਾਏ ਜਾਣ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਐਕਸਾਈਜ਼ ਅਫਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ 1 ਅਪ੍ਰੈਲ ਤੋਂ ਹੁਣ ਤੱਕ ਐਕਸਾਇਜ ਐਕਟ ਤਹਿਤ 6 ਪੁਲਿਸ ਕੇਸ ਦਰਜ ਕਰਵਾਏ ਜਾ ਚੁੱਕੇ ਹਨ ਤੇ ਆਮ ਲੋਕਾਂ ਦੀ ਜਾਗਰੂਕਤਾ ਲਈ ਵੱਖ ਵੱਖ ਗਤੀਵਿਧੀਆਂ ਜਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਵੱਖ-ਵੱਖ ਐਕਸਾਈਜ਼ ਸਰਕਲਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਕੋਈ ਵੀ ਵਿਅਕਤੀ ਨਕਲੀ ਸ਼ਰਾਬ ਦੇ ਉਤਪਾਦਨ, ਭੰਡਾਰ ਜਾਂ ਵਿਕਰੀ ਬਾਰੇ ਅਧਿਕਾਰੀਆਂ ਨੂੰ ਸਿੱਧੇ ਤੌਰ ਉੱਤੇ ਸੂਚਿਤ ਕਰ ਸਕਦਾ ਹੈ। ਉਹਨਾਂ ਨੇ ਦੱਸਿਆ ਕਿ ਅਜਿਹੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ, ਨੰਬਰ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਨਾਲ ਸੰਬੰਧਿਤ ਕੋਈ ਵੀ ਨਾਗਰਿਕ, ਉਨ੍ਹਾਂ ਦੇ ਮੋਬਾਈਲ ਨੰਬਰ 9780477277, ਮੰਡੀ ਗੋਬਿੰਦਗੜ੍ਹ ਲਈ ਐਕਸਾਈਜ਼ ਇੰਸਪੈਕਟਰ ਵਰਿੰਦਰ ਸਿੰਘ ਦੇ ਮੋਬਾਈਲ ਨੰਬਰ 9988100081, ਸਰਹਿੰਦ ਲਈ ਐਕਸਾਈਜ਼ ਇੰਸਪੈਕਟਰ ਹਰਸਿਮਰਨ ਸਿੰਘ ਦੇ ਮੋਬਾਈਲ ਨੰਬਰ 9877024150, ਖਮਾਣੋ ਲਈ ਐਕਸਾਈਜ਼ ਇੰਸਪੈਕਟਰ ਦਿਲਜਿੰਦਰ ਸਿੰਘ ਦੇ ਮੋਬਾਈਲ ਨੰਬਰ 9888553708, ਬਸੀ ਪਠਾਣਾ ਲਈ ਐਕਸਾਈਜ਼ ਇੰਸਪੈਕਟਰ ਬਲਦੇਵ ਸਿੰਘ ਦੇ ਮੋਬਾਈਲ ਨੰਬਰ 9876405551 ਉੱਤੇ ਸੂਚਨਾ ਦੇ ਸਕਦਾ ਹੈ ਅਤੇ ਪ੍ਰਾਪਤ ਹੋਣ ਵਾਲੀ ਪੁਖਤਾ ਜਾਣਕਾਰੀ ਦੇ ਅਧਾਰ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਡੀਐਸਪੀ ਨਿਖਿਲ ਗਰਗ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ, ਜਿੰਨਾ ਦਾ ਮੋਬਾਈਲ ਨੰਬਰ 98053-45728 ਹੈ, ਜਿਸ ਉੱਤੇ ਕੋਈ ਵੀ ਵਿਅਕਤੀ ਸੰਪਰਕ ਕਰ ਸਕਦਾ ਹੈ।