ਸ੍ਰੀ ਆਨੰਦਪੁਰ ਸਾਹਿਬ, 6 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ 'ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ।
ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਜਿਨ੍ਹਾਂ ਨੇ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ਵਿੱਚ ਸਵਾ ਲੱਖ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਖਾਲਸੇ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਅੱਜ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜੋ ਆਪਣੇ ਡਿਜ਼ਾਈਨ ਰਾਹੀਂ ਇਤਿਹਾਸ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ।