ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ ਵੱਡਾ ਮੋੜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਇਤਿਹਾਸਕ ਧਰਤੀ 'ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।