ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।
ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ।
ਅਧਿਆਪਕ ਦਿਵਸ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਨ ਕੋਈ ਪੇਸ਼ਾ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਅਧਿਆਪਕ, ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕਰਦੇ ਹਨ।