ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ
ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਸ ਜ਼ਿਲ੍ਹੇ ਦੇ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡੇ।
ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 11 ਸਤੰਬਰ ਨੂੰ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 45 ਦਿਨਾਂ ਦੀ ਇਹ ਸਮਾਂ ਹੱਦ 28 ਅਕਤੂਬਰ ਨੂੰ ਖ਼ਤਮ ਹੋ ਰਹੀ ਹੈ ਪਰ ਸੂਬਾ ਸਰਕਾਰ ਨੇ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਸਮੇਂ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਕੰਮ ਲਈ ਮਿਹਨਤ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।