ਚੰਡੀਗੜ੍ਹ, 28 ਅਕਤੂਬਰ
ਸ਼ਹਿਰੀ ਵਿਕਾਸ ਅਤੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਲੋਕ ਪੱਖੀ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਇਕਸਾਰ ਇਮਾਰਤੀ ਨਿਯਮ-2025’ (ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼, 2025) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਐਕਟ ਦਾ ਉਦੇਸ਼ ਪੰਜਾਬ ਭਰ ਵਿੱਚ ਇਮਾਰਤ ਅਤੇ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕਰਨ ਵਾਲਾ ਵਿਆਪਕ ਅਤੇ ਇਕਸਾਰ ਰੈਗੂਲੇਟਰੀ ਢਾਂਚਾ ਸਥਾਪਤ ਕਰਨਾ ਹੈ। ਇਹ ਨਿਯਮ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ 'ਤੇ ਬਰਾਬਰ ਲਾਗੂ ਹੁੰਦੇ ਹਨ ਜੋ ਪ੍ਰਵਾਨਗੀਆਂ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਉਣ ਅਤੇ ਪੇਚੀਦਗੀਆਂ ਦੂਰ ਕਰਨ ਨੂੰ ਯਕੀਨੀ ਬਣਾਉਂਦੇ ਹਨ।