ਤਰਨਤਾਰਨ, 5 ਨਵੰਬਰ
ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਮੂਹ ਧਰਮੀ ਫੌਜੀ ਪਰਿਵਾਰ ਵੈੱਲਫੇਅਰ ਬੋਰਡ ਜੱਥੇਬੰਦੀ ਨੇ 'ਆਪ' ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ। ਇਹ ਫੈਸਲਾ 'ਆਪ' ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਸਰਪ੍ਰਸਤ ਸਵਿੰਦਰ ਸਿੰਘ ਗਿੱਲ ਅਤੇ ਹੋਰ ਪ੍ਰਮੁੱਖ ਆਗੂ ਸ਼ਾਮਲ ਹੋਏ। ਐਡਵੋਕੇਟ ਸੇਖਵਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਸਮੂਹ ਧਰਮੀ ਫੌਜੀ ਪਰਿਵਾਰਾਂ ਨੂੰ ਦਰਪੇਸ਼ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।