ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਹੋਂਦ, ਸੁਰੱਖਿਆ ਤੇ ਸਿੱਖਿਆ ਯਕੀਨੀ ਬਣਾਉਣ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਵਾਸਤੇ ਵਿਆਪਕ ਪੱਧਰ 'ਤੇ ਉਪਰਾਲੇ ਜਾਰੀ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀ ਅਹਿਮ ਮੁਹਿੰਮ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਮੁੱਖ ਮਕਸਦ ਬੇਟੀਆਂ ਨੂੰ ਬਚਾਉਣ, ਪੜ੍ਹਾਉਣਾ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਮੁਹਿੰਮ ਤਹਿਤ ਲਿੰਗ ਅਨੁਪਾਤ 'ਚ ਸੁਧਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਲਿੰਗ ਅਨੁਪਾਤ ਵਿੱਚ ਸਾਲ 2014-15 ਵਿੱਚ 892/1000 ਦੇ ਮੁਕਾਬਲੇ 2021-22 ਦੌਰਾਨ 928/1000 ਤੱਕ ਸੁਧਰਿਆ ਹੈ।