ਹੁਸ਼ਿਆਰਪੁਰ, 29 ਦਸੰਬਰ (ਏਜੰਸੀ) : ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ ਵਿੱਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰ ’ਤੇ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ ਅਤੇ ਵਿਦੇਸ਼ਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਪਹਿਲਾ ਬੈਚ ਤਿਆਰ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋੜੀਂਦੀਆਂ ਯੋਗਤਾਵਾਂ ਪੂਰੀਆਂ ਕਰਦੇ ਵਿਦਿਆਰਥੀ 31 ਦਸੰਬਰ ਤੱਕ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰਾਂ ਵਲੋਂ 12ਵੀਂ ਜਾਂ ਗਰੈਜੂਏਸ਼ਨ ਸਾਲ 2020 ਜਾਂ 2021 ਵਿੱਚ ਪਾਸ ਕੀਤੀ ਹੋਵੇ ਅਤੇ ਉਨ੍ਹਾਂ ਦੇ ਆਇਲਟਸ ਵਿੱਚੋਂ ਓਵਰਆਲ 6.5 ਅਤੇ ਹਰ ਮਡਿਊਲ ਵਿੱਚੋਂ ਘੱਟੋ-ਘੱਟ 6 ਬੈਂਡ ਪ੍ਰਾਪਤ ਕੀਤੇ ਹੋਏ ਹੋਣ। ਉਨ੍ਹਾਂ ਦੱਸਿਆ ਕਿ ਪੜ੍ਹਾਈ ਲਈ ਲੋੜੀਂਦੇ ਫੰਡ ਜਿਵੇਂ ਫੀਸ, ਰਹਿਣ ਅਤੇ ਆਉਣ-ਜਾਣ ਦੇ ਖਰਚੇ ਆਦਿ ਉਮੀਦਵਾਰ ਕੋਲ ਹੋਣੇ ਲੋੜੀਂਦੇ ਹਨ।
ਜ਼ਿਕਰਯੋਗ ਹੈ ਕਿ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਸਿਰਫ ਮੁਫ਼ਤ ਕੌਂਸਲਿੰਗ ਅਤੇ ਹੋਰ ਲੋੜੀਂਦੀ ਜਾਣਕਾਰੀ ਹੀ ਮੁਹੱਈਆ ਕਰਵਾਈ ਜਾਵੇਗੀ ਅਤੇ ਸਾਰੇ ਖਰਚੇ ਵਿਦਿਆਰਥੀਆਂ ਵਲੋਂ ਆਪਣੇ ਪੱਧਰ ’ਤੇ ਕੀਤੇ ਜਾਣਗੇ।
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕਰਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਵਿਦਿਆਰਥੀ ਦਫ਼ਤਰ ਦੇ ਫੇਸ ਬੁੱਕ ਪੇਜ ਤੋਂ ਵਧੇਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮੇਂ ਸਿਰ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਹਰ ਜ਼ਿਲ੍ਹੇ ਵਲੋਂ ਸਿਰਫ਼ 20-20 ਵਿਦਿਆਰਥੀਆਂ ਦਾ ਹੀ ਗਰੁੱਪ ਬਣਾਇਆ ਜਾਵੇਗਾ।