ਚੰਡੀਗੜ੍ਹ, 06 ਜਨਵਰੀ (ਏਜੰਸੀ) : ਕੋਰੋਨਾ ਫੈਲਣ ਤੋਂ ਰੋਕਣ ਲਈ ਲਗਾਏ ਲਾਕਡਾਊਨ ਦੌਰਾਨ ਮਾਰਚ ਮਹੀਨੇ ਤੋਂ ਬੰਦ ਪਏ ਸਕੂਲਾਂ ਨੂੰ ਪੰਜਾਬ ਸਰਕਾਰ ਨੇ ਕੱਲ੍ਹ ਤੋਂ ਮੁੜ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਸਕੂਲਲ 5ਵੀਂ ਤੋਂ 12ਵੀਂ ਤੱਕ ਦੇ ਖੁਲ੍ਹਣਗੇ। ਨਰਸਰੀ ਤੋਂ ਲੈ ਕੇ ਚੌਥੀ ਤੱਕ ਦੇ ਬੱਚਿਆਂ ਲਈ ਫੈਸਲਾ ਸਰਕਾਰ ਵੱਲੋਂ ਬਾਅਦ ਵਿੱਚ ਲਿਆ ਜਾਵੇਗਾ। ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਾਪਿਆਂ ਦੀ ਪੜਾਈ ਸਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲਣ ਦਾ ਫੈਸਲਾ ਕੀਤਾ ਹੈ।
ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿੱਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇਗੀ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।
ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖਤਰੇ ਨੂੰ ਰੋਕਿਆ ਜਾ ਸਕਦਾ ਹੈ।