15 ਜਨਵਰੀ ਨੂੰ ਚੰਡੀਗੜ੍ਹ ‘ਚ ਹੋਵੇਗਾ ਪਹਿਲੇ ਪੜਾਅ ਦਾ ਸਮਾਗਮ
ਚੰਡੀਗੜ੍ਹ, 14 ਜਨਵਰੀ (ਏਜੰਸੀ) : ਪੰਜਾਬ ਦੇ ਖੇਡ ਵਿਭਾਗ ਨੇ ਸਾਲ 2017-18 ਦੌਰਾਨ ਕੌਮਾਂਤਰੀ ਤੇ ਕੌਮੀ ਪੱਧਰ ਦੇ ਖੇਡ ਪਿੜਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਪਹਿਲੇ ਪੜਾਅ ਤਹਿਤ 90 ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਾਲ ਹੀ ਵਿੱਚ ਅਜਿਹੇ 1,135 ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਰਾਸ਼ੀ ਦੇ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਸੀ। ਸੋਢੀ ਨੇ ਦੱਸਿਆ ਕਿ ਰਾਜ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਨਗਦ ਇਨਾਮੀ ਰਾਸ਼ੀ ਤੋਂ ਵਾਂਝੇ ਰਹਿ ਗਏ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਅਸੀਂ ਨਵੀਂ ਖੇਡ ਨੀਤੀ-2018 ਅਨੁਸਾਰ ਇਹ ਪ੍ਰਕਿਰਿਆ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਤ ਕਰਨ ਦਾ ਕਾਰਜ ਦੇਰੀ ਨਾਲ ਸ਼ੁਰੂ ਹੋ ਰਿਹਾ ਹੈ ਪਰ ਹੁਣ ਨਿਰੰਤਰ ਅਜਿਹੇ ਸਮਾਗਮ ਕਰਵਾ ਕੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਲ ਸਾਲ 2017-18 ਦੌਰਾਨ ਸੂਬੇ ਤੇ ਦੇਸ਼ ਲਈ ਨਾਮਣਾ ਖੱਟਣ ਵਾਲੇੇ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਕੁੱਲ 1135 ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਖੇਡ ਮੰਤਰੀ ਨੇ ਕਿਹਾ ਕਿ ਨਗਦ ਇਨਾਮੀ ਰਾਸ਼ੀ ਦੀ ਵੰਡ ਦੇ ਪਹਿਲੇ ਪੜਾਅ ਤਹਿਤ ਕੁੱਲ 90 ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 36 ਖਿਡਾਰੀ ਕੌਮਾਂਤਰੀ ਪੱਧਰ 'ਤੇ ਖੇਡ ਚੁੱਕੇ ਹਨ ਅਤੇ 54 ਖਿਡਾਰੀ ਰਾਸ਼ਟਰੀ ਪੱਧਰ 'ਤੇ ਤਮਗ਼ਾ ਜੇਤੂ ਹਨ, ਜਿਨ੍ਹਾਂ ਨੂੰ 15 ਜਨਵਰੀ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਨਗਦ ਇਨਾਮ ਵੰਡ ਸਮਾਗਮ ਦੌਰਾਨ ਕੁੱਲ 1.65 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਲੋੜੀਂਦੇ ਫੰਡ ਮੌਜੂਦ ਹਨ। ਰਾਣਾ ਸੋਢੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਨਾਮ ਵੰਡ ਸਮਾਰੋਹ ਦੌਰਾਨ ਸਿਹਤ ਪ੍ਰੋਟੋਕੋਲ ਅਤੇ ਤੈਅਸ਼ੁਦਾ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ।