ਚੰਡੀਗੜ੍ਹ, 23 ਜਨਵਰੀ (ਏਜੰਸੀ) : ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲਿਆਂ ਦੀ ਮੌਤ ਦੀਆਂ ਖਬਰਾਂ ਲਗਾਤਾਰ ਜਾਰੀ ਹਨ। ਸ਼ਨੀਵਾਰ ਨੂੰ ਮਾਨਸਾ ਦੇ ਪਿੰਡ ਖੁਡਾਲ਼ ਕਲਾਂ ਦੇ ਕਿਸਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਭੋਲਾ ਸਿੰਘ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਸੰਘਰਸ਼ 'ਚ ਮੋਹਰੀ ਰੋਲ ਅਦਾ ਕਰ ਰਿਹਾ ਸੀ। ਅੱਜ ਸਵੇਰ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਪਿੰਡ ਵਿੱਚ ਸੋਗ ਦੀ ਲਹਿਰ ਹੈ।