- 26 ਜਨਵਰੀ ਨੂੰ ਸਪੀਕਰ ਰਾਣਾ ਕੇ. ਪੀ. ਸਿੰਘ ਲਹਿਰਾਉਣਗੇ ਰਾਸ਼ਟਰੀ ਝੰਡਾ
ਨਵਾਂਸ਼ਹਿਰ, 23 ਜਨਵਰੀ (ਏਜੰਸੀ) : 72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਆਈ. ਟੀ. ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵੀ ਉਨਾਂ ਦੇ ਨਾਲ ਸਨ।
ਇਸ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ ਸਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ। ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ। ਉਨਾਂ ਦੱਸਿਆ ਕਿ ਸਮਾਗਮ ਦੌਰਾਨ 11 ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਚਾਰੂ ਆਵਾਜਾਈ ਅਤੇ ਪਾਰਕਿੰਗ ਆਦਿ ਦੇ ਵੀ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਪੀ ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।