ਕੇ. ਐਲ. ਮੁਕਸਰੀ
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ: ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਪ੍ਰਧਾਨ ਅਤੇ ਸੀਨੀਅਰ ਆਗੂ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਦੇਸ਼ ਭਰ ’ਚ ਮਹਿੰਗੇ ਹੁੰਦੇ ਜਾ ਰਹੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਨਾਲ ਨਾ ਸਿਰਫ ਲੋਕਾਂ ’ਚ ਹਾਹਾਕਾਰ ਮਚੀ ਹੋਈ ਹੈ ਸਗੋਂ ਹੁਣ ਮਹਿੰਗਾਈ ਵੀ ਨਵੇਂ ਰਿਕਾਰਡ ਛੋਹਣ ਲੱਗ ਪਈ ਹੈ।
‘ਕਾਕਾ ਬਰਾੜ’ ਨੇ ਕਿਹਾ ਕਿ ਕੇਂਦਰ ਵੱਲੋਂ ਪੈਟਰੋਲ ਡੀਜ਼ਲ ਦੇ ਉਪਰ ਜਿੱਥੇ ਐਕਸਾਈਜ਼ ਡਿਊਟੀ ਵਧਾਉਣ ਨਾਲ ਤੇਲ ਮਹਿੰਗਾ ਹੁੰਦਾ ਜਾ ਰਿਹਾ ਹੈ ਉੱਥੇ ਦੂਜੇ ਪਾਸੇ ਪੰਜਾਬ ’ਚ ਵੀ ਜਿਆਦਾ ਵੈਟ ਹੋਣ ਕਰਕੇ ਅਤੇ ਹੋਰ ਆਮਦਨ ਨਾ ਹੋਣ ਦੀ ਗੱਲ ਕਰਕੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ ਹੈ।
ਕੇਂਦਰ ਵੱਲੋਂ ਜਿਸ ਤੇਜ਼ੀ ਨਾਲ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਐਕਸਾਈਜ਼ ਡਿਊਟੀ ਵਧਾਈ ਜਾ ਰਹੀ ਹੈ, ਇਸ ਵਿੱਚ ਕੋਈ ਹੈਰਾਨੀ ਨਹੀਂ ਕਿ ਆਉਂਦੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ ਦੀ ਅਸਲ ਕੀਮਤ ਘੱਟ ਹੋਵੇਗੀ ਪਰ ਇਸ ਉਪਰ ਐਕਸਾਈਜ਼ ਡਿਊਟੀ ਜਿਆਦਾ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ’ਚ ਤੇਲ ਦੀਆਂ ਕੀਮਤਾਂ ਨਿੱਤ ਨਵੀਂ ਉਚਾਈਆਂ ਵੱਲ ਜਾ ਰਹੀਆਂ ਹਨ ਤੇ ਇਨ੍ਹਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਕੁਝ ਨਹੀਂ ਕਰ ਰਹੀ ਸਗੋਂ ਪਿਛਲੀਆਂ ਸਰਕਾਰਾਂ ’ਤੇ ਸਾਰਾ ਠੀਕਰਾ ਭੰਨ ਕੇ ਆਪ ਸੁਰਖਰੂ ਹੋਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਜਿੰਮੇਵਾਰੀ ਤੋਂ ਨਹੀ ਭੱਜ ਸਕਦੀ। ਉਨ੍ਹਾਂ ਮੰਗ ਕੀਤੀ ਕਿ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਕੀਤਾ ਵਾਧਾ ਵਾਪਸ ਲਿਆ ਜਾਵੇ ਅਤੇ ਦੇਸ਼ ਦੇ ਮੱਧ ਵਰਗ, ਕਿਸਾਨਾਂ, ਗਰੀਬਾਂ ਤੇ ਮੁਲਾਜ਼ਮਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ।