ਮੋਗਾ, 23 ਫਰਵਰੀ (ਏਜੰਸੀ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਿਸਾਨਾਂ, ਨੀਲੇ ਸਮਾਰਟ ਕਾਰਡ ਧਾਰਕਾਂ, ਛੋਟੇ ਵਪਾਰੀਆਂ, ਉਸਾਰੀ ਕਿਰਤੀਆਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕਵਰ ਕੀਤਾ ਜਾ ਰਿਹਾ ਹੈ। ਇਸ ਸਹੂਲਤ ਦਾ ਜ਼ਿਲ੍ਹਾ ਮੋਗਾ ਦੇ 138 ਪੱਤਰਕਾਰ ਸਾਥੀਆਂ ਨੂੰ ਵੀ ਲਾਭ ਮਿਲੇਗਾ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਡੀਆ ਸਾਡੇ ਦੇਸ਼ ਦੇ ਲੋਕਤੰਤਰੀ ਪ੍ਰਣਾਲੀ ਦਾ ਚੋਥਾ ਥੰਮ ਹੈ। ਇਸ ਵਰਗ ਦੀ ਸਮਾਜ ਪ੍ਰਤੀ ਵੱਡੀ ਦੇਣ ਨੂੰ ਧਿਆਨ ਵਿੱਚ ਰੱਖਦਿਆਂ ਹੀ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਮੋਗਾ ਵੱਲੋਂ ਇਸ ਵੇਲੇ ਜ਼ਿਲ੍ਹਾ ਮੋਗਾ ਨਾਲ ਸਬੰਧਤ 138 ਪੱਤਰਕਾਰਾਂ ਨੂੰ ਮਾਨਤਾ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੱਤਰਕਾਰ ਸਾਥੀਆਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਕਾਰਡ ਬਣਵਾਉਣ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਪੀਲਾ ਅਤੇ ਗੁਲਾਬੀ ਕਾਰਡ ਧਾਰਕ ਪੱਤਰਕਾਰ ਸਾਥੀ ਸੇਵਾ ਕੇਂਦਰਾਂ ਵਿੱਚ ਜਾ ਕੇ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣ। ਜਾਣ ਵੇਲੇ ਆਪਣੇ ਨਾਲ ਸਵੈ ਘੋਸ਼ਣਾ ਵਾਲਾ ਪਰਫੋਰਮਾ ਆਪਣੇ ਸਰਪੰਚ/ਨੰਬਰਦਾਰ/ਕੌਂਸਲਰ ਤੋਂ ਤਸਦੀਕ ਕਰਵਾ ਕੇ ਨਾਲ ਲੇ ਕੇ ਜਾਣਾ ਹੈ। ਇਸ ਤੋਂ ਇਲਾਵਾ ਆਪਣਾ ਪੀਲਾ ਅਤੇ ਗੁਲਾਬੀ ਕਾਰਡ, ਪੈਨ ਕਾਰਡ ਅਤੇ ਸਾਰੇ ਮੈਂਬਰਾਂ ਦੇ ਆਧਾਰ ਕਾਰਡ ਨਾਲ ਹੋਣੇ ਲਾਜ਼ਮੀ ਹਨ। ਜੇਕਰ ਪੱਤਰਕਾਰ ਨੇ ਹਾਲੇ ਇਕੱਲਾ ਆਪਣਾ ਕਾਰਡ ਹੀ ਬਣਵਾਉਣਾ ਹੈ ਤਾਂ ਉਹ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰਾਂ ਨਾਲ ਵੀ ਸੰਪਰਕ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਇਕ ਹਫਤੇ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਹਨਾਂ ਨੇ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਟਾਇਪ 1 ਅਤੇ 2 ਸੇਵਾ ਕੇਂਦਰਾਂ ਉੱਤੇ ਇਹ ਸੇਵਾ ਸ਼ੁਰੂ ਹੋ ਗਈ ਹੈ।ਜਦਕਿ ਟਾਇਪ 3 ਸੇਵਾ ਕੇਂਦਰਾਂ ਉੱਤੇ ਇਹ ਸੇਵਾ 26 ਫਰਵਰੀ, 2021 ਤੋਂ ਉਪਲਬੱਧ ਹੋਵੇਗੀ।
ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ। ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਹੁੰਦੇ ਹਨ ਅਤੇ ਇਹ ਸ਼ਨੀਵਾਰ ਨੂੰ ਵੀ ਖੁੱਲ੍ਹੇ ਹੁੰਦੇ ਹਨ। ਉਹਨਾਂ ਕਿਹਾ ਕਿ ਇਸ ਕੰਮ ਲਈ ਸਬੰਧਤ ਵਿਭਾਗਾਂ ਨੂੰ ਕੈਂਪ ਲਗਾ ਕੇ ਕਾਰਡ ਬਣਾਉਣ ਦੀ ਹਦਾਇਤ ਕਰ ਦਿੱਤੀ ਗਈ ਹੈ।