30 ਰੁਪਏ ਦੇ ਕਾਰਡ ’ਤੇ ਦਿੱਤਾ ਜਾ ਰਿਹਾ ਹੈ 5 ਲੱਖ ਰੁਪਏ ਦਾ ਕੈਸ਼ਲੈਸ ਇਲਾਜ
ਹੁਸ਼ਿਆਰਪੁਰ, 26 ਫਰਵਰੀ (ਏਜੰਸੀ) : ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਨ ਲਈ ਇਕ ਹਫ਼ਤੇ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ 28 ਫਰਵਰੀ ਤੱਕ ਲਾਭਪਾਤਰੀ ਆਪਣਾ ਈ- ਕਾਰਡ ਬਣਾ ਸਕਦੇ ਹਨ। ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਟਾਈਪ-1 ਅਤੇ ਟਾਈਪ-2 ਸੇਵਾ ਕੇਂਦਰਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਯੋਗ ਲਾਭਪਾਤਰੀ ਆਪਣਾ ਈ ਕਾਰਡ ਬਣਾ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਕਸਬਿਆਂ, ਪਿੰਡਾਂ ਆਦਿ ਵਿੱਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਈ ਕਾਰਡ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਲੋਕ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿੱਚ ਆਪਣਾ ਕਾਰਡ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ 21 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਵਿੱਚ ਜਾ-ਜਾ ਕੇ ਲੋਕਾਂ ਨੂੰ ਕਾਰਡ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਦੀਆਂ ਮਾਰਕਿਟ ਕਮੇਟੀਆਂ ਵਿੱਚ ਸਥਾਈ ਕੈਂਪ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ।