ਨਵਾਂਸ਼ਹਿਰ, 06 ਮਾਰਚ (ਏਜੰਸੀ) : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਅੱਜ 6 ਮਾਰਚ 2021 ਤੋਂ ਲਾਗੂ ਹੋ ਕੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਕੋਵਿਡ-19 ਨੂੰ ਪਹਿਲਾਂ ਹੀ ਮਹਾਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਕੋਵਿਡ-19 ਮਹਾਮਾਰੀ ਦੀ ਗੰਭੀਰਤਾ ਨੂੰ ਦੇਖਦਿਆਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਇਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਐਪੀਡੈਮਿਕ ਡਿਸੀਜ਼ਿਜ਼ ਐਕਟ 1897 ਪਹਿਲਾਂ ਹੀ ਇਨਵੋਕ ਕੀਤਾ ਜਾ ਚੁੱਕਾ ਹੈ।