Wednesday, August 05, 2020 ePaper Magazine

ਪੰਜਾਬ

ਸ਼ਹੀਦੇ ਆਜ਼ਮ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

August 01, 2020 07:51 PM

ਫਿਰੋਜ਼ਪੁਰ, 1 ਅਗਸਤ (ਜਸਪਾਲ ਸਿੰਘ) : ਸੱਤ ਸਮੁੰਦਰ ਪਾਰ ਜਾ ਕੇ ਬੇਦੋਸ਼ੇ ਪੰਜਾਬੀਆਂ ਦੀ ਮੌਤ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦਾ ਅੱਜ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਦ ਵੀ ਦੇਸ਼ ਦੇ ਮਹਾਨ ਸ਼ਹੀਦਾਂ ਦੀ ਗੱਲ ਚੱਲਦੀ ਹੈ ਤਾਂ ਊਧਮ ਸਿੰਘ ਦਾ ਨਾਂ ਦੇਸ਼ ਦੇ ਚੋਟੀ ਦੇ ਕੌਮੀ ਸ਼ਹੀਦਾਂ ਵਿੱਚ ਆਉਂਦਾ ਹੁੰਦਾ ਹੈ। ਬੇਸ਼ੱਕ ਅੱਜ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ ਵਾਸੀ ਫਖਰ ਮਹਿਸੂਸ ਕਰਦੇ ਹਨ, ਉਥੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ ਮਾਈਕਲ ਉਡਵਾਇਰ ਬੁਲਾਰੇ ਵਜੋਂ ਮੀਟਿੰਗ ਵਿਚ ਭਾਸ਼ਣ ਦੇ ਰਿਹਾ ਸੀ ਉਦੋਂ ਹੀ ਸ਼ਹੀਦ ਊਧਮ ਸਿੰਘ ਨੇ ਆਪਣੀ ਇਕ ਕਿਤਾਬ ਵਿਚ ਛੁਪਾ ਕੇ ਰੱਖੀ ਹੋਈ ਰਿਵਾਲਵਰ ਕੱਢੀ ਅਤੇ ਉਸ ਨੂੰ ਗੋਲੀਆਂ ਨਾਲ ਮਾਰ ਮੁਕਾਇਆ। ਇਸ ਗੱਲ ਦਾ ਪ੍ਰਗਟਾਵਾ ਕਿੱਕਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੀ ਤਸਵੀਰ ਉੱਪਰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੋਇਆ ਕਰਦੇ ਹਨ ਤੇ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਮਾਰਗ ਤੇ ਚੱਲਣਾ ਸਾਡਾ ਪਹਿਲਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਨੇ ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਦੇਸ਼ ਦੇ ਲਈ ਜਾਨਾਂ ਕੁਰਬਾਨ ਕੀਤੀਆਂ ਹਨ। ਸਾਨੂੰ ਵੀ ਜਾਤ ਪਾਤ, ਧਰਮ, ਰੰਗ ਭੇਦ ਅਤੇ ਆਰਥਿਕ ਨਾ ਬਰਾਬਰੀ ਤੋਂ ਉੱਪਰ ਉੱਠ ਕੇ ਦੇਸ਼ ਦੀ ਤਰੱਕੀ ਲਈ ਸੋਚਣਾ ਚਾਹੀਦਾ ਹੈ। ਇਸ ਮੌਕੇ ਗੁਰਜੀਤ ਸਿੰਘ ਚੀਮਾ, ਸਰਕਲ ਪ੍ਰਧਾਨ ਅੰਗਰੇਜ਼ ਸਿੰਘ ਪਿੰਡ ਦੁਲਚੀਕ, ਗਗਨਦੀਪ ਸਿੰਘ ਸਾਬਕਾ ਸਰਪੰਚ, ਮਹਿਲ ਸਿੰਘ ਦੁਲਚੀਕੇ, ਗੁਰਦੇਵ ਸਿੰਘ ਦੁਲਚੀਕੇ, ਗੁਰਦੇਵ ਸਿੰਘ, ਮਲਕੀਤ ਸਿੰਘ ਜੋਸਨ, ਕਮਲ ਜੋਸਨ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਕੰਬੋਜ਼ ਪ੍ਰਧਾਨ ਆਦਿ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ