ਮੋਗਾ, 08 ਅਪ੍ਰੈਲ (ਏਜੰਸੀ) : ਪੰਜਾਬ ਸਰਕਾਰ ਵੱਲੋਂ ਆਪਣੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਹੋਰ ਸਫ਼ਲ ਬਣਾਉਣ ਦੇ ਮਕਸਦ ਨੂੰ ਪੂਰਾ ਕਰਨ ਅਤੇ ਵੱਧ ਤੋਂ ਵੱਧ ਬੇਰੋਜ਼ਗਾਰ ਲੜਕੇ ਲੜਕੀਆਂ ਨੂੰ ਇਸ ਮਿਸ਼ਨ ਅਧੀਨ ਰੋਜ਼ਗਾਰ ਦਿਵਾਉਣ ਲਈ ਪੰਜਾਬ ਭਰ ਵਿੱਚ ਮਿਤੀ 22 ਤੋਂ 30 ਅਪ੍ਰੈਲ 2021 ਤੱਕ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਭਾਵੇਂ ਕਿ ਕਰੋਨਾ ਨੇ ਇੱਕ ਵਾਰ ਫਿਰ ਤੋਂ ਆਪਣਾ ਸੰਕਰਮਣ ਫੈਲਾਉਣਾ ਸ਼ੁਰੂ ਕਰ ਦਿੱਤਾ ਹੈ ਪ੍ਰੰਤੂ ਇਸਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਆਪਣੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਇਸ ਤੋਂ ਬਚਣ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਅਪਨਾ ਕੇ ਇਹ ਮੈਗਾ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਦੇ ਚੰਗੇਰੇ ਭਵਿੱਖ ਵਿੱਚ ਕਰੋਨਾ ਰਾਹ ਦਾ ਰੋੜਾ ਨਾ ਬਣ ਸਕੇ।
ਉਨਾਂ ਜ਼ਿਲ੍ਹੇ ਵਿੱਚ ਲੱਗਣ ਵਾਲੇ ਇਨਾਂ ਮੈਗਾ ਰੋਜ਼ਗਾਰ ਮੇਲਿਆਂ ਬਾਰੇ ਦੱਸਦਿਆਂ ਕਿਹਾ ਕਿ ਮਿਤੀ 22 ਅਪ੍ਰੈਲ ਅਤੇ 23 ਅਪ੍ਰੈਲ 2021 ਨੂੰ ਸਰਕਾਰੀ ਆਈ.ਟੀ.ਆਈ. ਮੋਗਾ ਜਿਹੜੀ ਕਿ ਲੁਧਿਆਣਾ ਫਿਰੋਜ਼ਰਪੁਰ ਰੋਡ ਉੱਪਰ ਸਥਿਤ ਹੈ, ਮਿਤੀ 27 ਅਪ੍ਰੈਲ 2021 ਨੂੰ ਸਰਕਾਰੀ ਸਕੂਲ ਲੜਕੇ ਬਾਘਾਪੁਰਾਣਾ ਵਿਖੇ, ਮਿਤੀ 29 ਅਪ੍ਰੈਲ 2021 ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਕੋਟ ਈਸੇ ਖਾਂ ਅਤੇ ਮਿਤੀ 30 ਅਪ੍ਰੈਲ ਨੂੰ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਇਹ ਮੈਗਾ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।
ਉਨਾਂ ਦੱਸਿਆ ਕਿ ਇਹ ਮੇਲੇ ਸਰਕਾਰ ਦੀਆਂ ਕਰੋਨਾ ਮਹਾਂਮਾਰੀ ਨਾਲ ਸਬੰਧਤ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਲਗਾਏ ਜਾ ਰਹੇ ਹਨ, ਜਿਸ ਵਿੱਚ ਸਮਾਜਿਕ ਦਰੀ, ਮਾਸਕ, ਸੈਨੇਟਾਈਜੇਸ਼ਨ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਇਨਾਂ ਮੇਲਿਆਂ ਵਿੱਚ ਬਹੁਤ ਸਾਰੀਆਂ ਨਾਮੀ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਤਾਂ ਜ਼ੋ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਉਨਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਹੋ ਸਕੇ।
ਸ੍ਰੀਮਤੀ ਪਰਮਿੰਦਰ ਕੌਰ ਨੇ ਅੱਗੇ ਦੱਸਿਆ ਕਿ ਇਨਾਂ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਨੌਜਵਾਨਾਂ ਨੂੰ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ, ਜਿਹੜੀ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਹੜੀ ਕਿ 18 ਅਪ੍ਰੈਲ 2021 ਤੱਕ ਕਰਵਾਈ ਜਾ ਸਕਦੀ ਹੈ। ਮੇਲੇ ਵਿੱਚ ਭਾਗ ਲੈਣ ਲਈ ਪ੍ਰਾਰਥੀ ਵਿਭਾਗ ਦੇ ਪੋਰਟਲ ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਕਿਵੇਂ ਕਰਨਾ ਹੈ ਦੀ ਪੂਰੀ ਜਾਣਕਾਰੀ ਵੀ ਇਸੇ ਹੀ ਵੈਬਸਾਈਟ ਉੱਪਰ ਉਪਲੱਬਧ ਕਰਵਾ ਦਿੱਤੀ ਗਈ ਹੈ।