ਦੁਨੀਆ

ਲਾਂਘਾ ਮੁੜ ਖੁੱਲ੍ਹਣ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਸ਼ਰਧਾਲੂ

November 18, 2021 11:17 AM

ਮਹਿੰਦਰ ਜੋਸ਼ੀ
ਕਲਾਨੌਰ/17 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਪਹਿਲੇ ਦਿਨ ਬੁੱਧਵਾਰ ਨੂੰ 28 ਦੇ ਕਰੀਬ ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਦੱਸਣਾ ਬਣਦਾ ਹੈ ਕਿ ਕੋਵਿਡ-19 ਦੇ ਕਹਿਰ ਕਾਰਨ ਮਾਰਚ 2020 ਵਿੱਚ ਕਰਤਾਰਪੁਰ ਸਾਹਿਬ ਦੀ ਯਾਤਰਾ ਮੁਅੱਤਲ ਕੀਤੇ ਜਾਣ ਤੋਂ ਕਰੀਬ 20 ਮਹੀਨਿਆਂ ਬਾਅਦ ਔਰਤਾਂ ਸਮੇਤ 28 ਭਾਰਤੀ ਸਿੱਖਾਂ ਦਾ ਇਹ ਪਹਿਲਾ ਜਥਾ ਬੁੱਧਵਾਰ ਨੂੰ ਪਾਕਿ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਪੁੱਜਾ। ਇਸ ਮੌਕੇ ’ਤੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵੱਲੋਂ ਸ਼ਰਧਾਲੂਆਂ ਦਾ ਸਿਰੋਪਾਓ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ ।
ਇਸੇ ਦੌਰਾਨ ਬੁੱਧਵਾਰ ਨੂੰ ਪਾਕਿ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਵੀ ਸ਼ੁਰੂ ਹੋ ਗਈ ਹੈ। ਇਹ ਰਜਿਸਟਰੇਸ਼ਨ 19 ਨਵੰਬਰ ਤੋਂ ਇੱਕ ਹਫ਼ਤੇ ਤੱਕ ਜਾਣ ਵਾਲੇ ਸ਼ਰਧਾਲੂਆਂ ਲਈ ਹੈ। ਸਿੱਖ ਸ਼ਰਧਾਲੂਆਂ ਵੱਲੋਂ ਵੱਡੀ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।
ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਲਸ ਪੋਲੀਓ ਦੀਆਂ ਬੂੰਦਾਂ ਪੀਣ ਉਪਰੰਤ ਕਰਤਾਰ ਸਾਹਿਬ ਲਈ ਰਵਾਨਾ ਕੀਤਾ ਗਿਆ। ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂੁ ਪ੍ਰਭਜੋਤ ਸਿੰਘ ਹੈਪੀ ਹਰਪਾਲ ਸਰਬਜੀਤ ਸਿੰਘ ਨੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਬਾਗੋ-ਬਾਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਤੋਂ ਮਿੱਠੇ ਚੌਲ ਤੇ ਖਜੂਰਾਂ ਦਾ ਪ੍ਰਸ਼ਾਦ ਵੀ ਪ੍ਰਾਪਤ ਹੋਇਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵੱਲੋਂ ਖੋਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਉਪਰੰਤ ਨਾਨਕ ਨਾਮ ਲੇਵਾ ਸੰਗਤਾਂ ਦਰਸ਼ਨ ਸਥਲ ’ਤੇ ਵੀ ਵੱਡੇ ਪੱਧਰ ’ਤੇ ਪੁੱਜੀਆਂ।
ਉਧਰ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਬੁੱਧਵਾਰ ਨੂੰ ਭਾਰਤ ਤੋਂ 2700 ਲਗਭਗ ਸਿੱਖ ਸ਼ਰਧਾਲੂਆਂ ਦਾ ਜਥਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸਾਂਝੀ ਜਾਚ ਚੌਕੀ ਅਟਾਰੀ-ਵਾਹਗਾ ਸਰਹੱਦ ਰਸਤੇ ਰਵਾਨਾ ਹੋਇਆ।
ਭਾਰਤ-ਪਾਕਿਸਤਾਨ ਵਿਚਕਾਰ ਰੇਲ ਮਾਰਗ ਬੰਦ ਹੋਣ ਕਾਰਨ ਭਾਰਤ ਤੋਂ ਸਿੱਖ ਜਥਾ ਅਟਾਰੀ-ਵਾਹਗਾ ਸਰਹੱਦ ਦੇ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਕਰਨ ਅਤੇ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਸਿੱਖ ਜਥੇ ਰੇਲਵੇ ਸਟੇਸ਼ਨ ਅਟਾਰੀ ਤੋਂ ਪਾਕਿਸਤਾਨ ਸਰਕਾਰ ਵੱਲੋਂ ਭੇਜੀਆਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪਾਕਿਸਤਾਨ ਜਾਂਦੇ ਸਨ।
ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਥੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਜਥੇ ਦੇ ਪਾਰਟੀ ਲੀਡਰ ਜਥੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਭਾਰਤੀ ਸਿੱਖ ਜਥਾ ਅਟਾਰੀ-ਵਾਹਗਾ ਸਰਹੱਦ ਤੋਂ ਸਿੱਧਾ ਨਨਕਾਣਾ ਸਾਹਿਬ ਜਾਵੇਗਾ ਅਤੇ 19 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ’ਚ ਸ਼ਮੂਲੀਅਤ ਮਗਰੋਂ 26 ਨਵੰਬਰ ਨੂੰ ਵਾਪਸ ਵਤਨ ਪਰਤੇਗਾ।
ਦੂਜੇ ਪਾਸੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਖੋਲ੍ਹੇ ਗਏ ਕਰਤਾਰਪੁਰ ਕੌਰੀਡੋਰ ਦੇ ਪਹਿਲੇ ਦਿਨ ਬੁੱਧਵਾਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾਣ ਵਾਲੇ ਸਰਧਾਲੂਆਂ ਦਾ ਬੀਐੱਸਐੱਫ ਦੇ ਅਧਿਕਾਰੀਆਂ ਵੱਲੋਂ ਭਾਰਤ ਪਾਕਿ ਸਰਹੱਦ ਤੇ ਸਿਰਪਾਓ ਭੇਟ ਕਰਕੇ ਸਵਾਗਤ ਕੀਤਾ ।
ਇਸ ਮੌਕੇ ਤੇ ਨਾਨਕ ਨਾਮ ਲੇਵਾ ਸੰਗਤਾਂ ਨੇ ਬੀ ਐਸ ਐਫ ਵੱਲੋਂ ਉਨ੍ਹਾਂ ਦੇ ਕੀਤੇ ਸਨਮਾਨ ਦੀ ਪ੍ਰਸੰਸਾ ਕੀਤੀ । ਇਸ ਮੌਕੇ ਸ਼ਰਧਾਲੂਆਂ ਨੂੰ ਸਿਰਪਾਓ ਭੇਟ ਕਰਨ ਉਪਰੰਤ ਬੀਐਸਐਫ ਦੇ ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ । ਉਨ੍ਹਾਂ ਕਿਹਾ ਕਿ ਬੀਐਸਐਫ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਵਾਲੇ ਸਰਧਾਲੂਆਂ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ