ਪੰਜਾਬ

ਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀ

December 04, 2021 10:48 AM

- ਸਰਹੱਦੀ ਖੇਤਰ ’ਚ ਵਿਆਪਕ ਵਿਕਾਸ ਦਾ ਕੀਤਾ ਵਾਅਦਾ

ਦਸਨਸ
ਭੋਆ (ਪਠਾਨਕੋਟ), 3 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ ਕੈਪਟਨ ਦੇ ਨਿਸ਼ਾਨੇ ਉਤੇ ਰਹੇ ਹਨ।
ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਰ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਹਮੇਸਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਰਾਹਤ ਦੇਣ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਹਿੱਤਾਂ ਨੂੰ ਢਾਹ ਲਾਉਣਾ ਸੁਰੂ ਕਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਅਤੇ ਦੱਬੇ-ਕੁਚਲੇ ਲੋਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖਿਆ ਜਿਸ ਕਾਰਨ ਹੰਕਾਰੀ ਮਹਾਰਾਜਾ ਨੂੰ ਕਾਂਗਰਸ ਪਾਰਟੀ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਆਮ ਵਿਅਕਤੀ ਨੂੰ ਸੌਂਪਣ ਦਾ ਕ੍ਰਾਂਤੀਕਾਰੀ ਫੈਸਲਾ ਸਿਰਫ ਕਾਂਗਰਸ ਪਾਰਟੀ ਹੀ ਲੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕ੍ਰਾਂਤੀ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇਕਰ ਸਾਰੇ ਆਮ ਅਤੇ ਲੋੜਵੰਦ ਲੋਕ ਕਾਂਗਰਸ ਦੇ ਸਮਰਥਨ ਲਈ ਇਕਜੁੱਟ ਹੋ ਜਾਣ। ਮੁੱਖ ਮੰਤਰੀ ਚੰਨੀ ਨੇ ਸਪੱਸਟ ਤੌਰ ’ਤੇ ਕਿਹਾ ਕਿ ਸਕਤੀਸਾਲੀ ਕੁਲੀਨ ਵਰਗ ਗਰੀਬਾਂ ਨੂੰ ਫਿਰਕੂ ਲੀਹਾਂ ’ਤੇ ਵੰਡ ਕੇ ਇਸ ਆਮ ਵਿਅਕਤੀ ਦੀ ਸਰਕਾਰ ਨੂੰ ਢਾਹ ਲਾਉਣ ਦੀ ਸਾਜਿਸ਼ ਰਚ ਰਿਹਾ ਹੈ।
ਅਕਾਲੀ, ਭਾਜਪਾ ਅਤੇ ਅਮਰਿੰਦਰ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੋਦੀ, ਬਾਦਲ ਅਤੇ ਕੈਪਟਨ ਦੀ ਤਿਕੜੀ ਨੇ ਸੂਬੇ ਦੇ ਹਿੱਤਾਂ ਨੂੰ ਖਤਰੇ ਵਿਚ ਪਾਉਣ ਲਈ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਕਿਸਾਨ ਵਿਰੋਧੀ ਕਾਨੂੰਨ ਲਈ ਅਕਾਲੀ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਨੇ 2013 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕੰਟਰੈਕਟ ਫਾਰਮਿੰਗ ਬਿੱਲ ਪਾਸ ਕੀਤਾ ਜੋ ਬਾਅਦ ਵਿੱਚ ਕਾਲੇ ਖੇਤੀ ਕਾਨੂੰਨਾਂ ਦਾ ਆਧਾਰ ਬਣਿਆ। ਉਨ੍ਹਾਂ ਅੱਗੇ ਕਿਹਾ ਕਿ ਉਹ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਭਾਜਪਾ ਨਾਲ ਮਿਲੇ ਹੋਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਧਨਾਢ ਸਿਆਸਤਦਾਨਾਂ ਦੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਲੋਕਾਂ ਤੋਂ ਸੱਤਾ ਖੋਹ ਲਈ ਸੀ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਵਰਗੇ ਇਸ ਕੁਲੀਨ ਵਰਗ ਦੇ ਮੈਂਬਰ ਆਪੋ-ਆਪਣੇ ਨਿੱਜੀ ਹਿੱਤਾਂ ਲਈ ਗੱਠਜੋੜ ਕਰਕੇ ਸੂਬੇ ਨੂੰ ਲੁੱਟਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਹ ਵਰਗ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਆਪਸ ਵਿੱਚ ਮਿਲ ਕੇ ਵਾਰੋ-ਵਾਰੀ ਸੱਤਾ ਸੰਭਾਲ ਕੇ ਪੰਜਾਬ ਨੂੰ ਜਾਣਬੁੱਝ ਲੁੱਟਦੇ ਆ ਰਹੇ ਹਨ ਅਤੇ ਹਰ ਪੰਜ ਸਾਲ ਬਾਅਦ ਸਿਰਫ ਸਾਸਕ ਬਦਲਦੇ ਹਨ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਲੋਕਾਂ ਦੇ ਹੱਥ ਵਿੱਚ ਆ ਗਈ ਹੈ।
ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੂਬੇ ਬਾਰੇ ਤੁੱਛ ਜਾਣਕਾਰੀ ਲਈ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੀ ਸੱਤਾ ਦੀ ਲਾਲਸਾ ਲਈ ਹਨੇਰੇ ਵਿਚ ਤੀਰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਾ ਕੇਜਰੀਵਾਲ ਪੰਜਾਬ ਬਾਰੇ ਕੁਝ ਨਹੀਂ ਜਾਣਦਾ ਪਰ ਬੇਤੁਕੀ ਬਿਆਨਬਾਜ਼ੀ ਨਾਲ ਪੰਜਾਬ ਦੀ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਸੌੜੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਹਨਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਸਰਹੱਦੀ ਖੇਤਰਾਂ ਦੇ ਵਸਨੀਕਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਖੇਤਰ ਵਿੱਚ ਬਹਾਦਰ ਲੋਕ ਰਹਿੰਦੇ ਹਨ, ਪਰ ਫਿਰ ਵੀ ਰਾਜ ਸਰਕਾਰਾਂ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ, ਜਿਵੇਂ ਬਾਦਲਾਂ ਤੇ ਮਹਾਰਾਜਾ ਨੇ ਆਪੋ-ਆਪਣੇ ਖੇਤਰਾਂ ਦਾ ਵਿਕਾਸ ਕੀਤਾ ਸੀ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ, “ਮੇਰਾ ਵਾਅਦਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਜਲਦ ਹੀ ਵਿੱਚ ਵਿਆਪਕ ਵਿਕਾਸ ਕੀਤਾ ਜਾਵੇਗਾ।’’
ਇਸ ਦੌਰਾਨ ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਮੈਡੀਕਲ ਕਾਲਜ, ਭੋਆ ਨੂੰ ਪ੍ਰਬੰਧਕੀ ਬਲਾਕ ਐਲਾਨਣ, ਨਰੋਟ ਜੈਮਲ ਸਿੰਘ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਸੰਤ ਬਾਬਾ ਨਾਭਾ ਦਾਸ ਦੀ ਇਮਾਰਤ ਲਈ ਢੁਕਵੀਂ ਜ਼ਮੀਨ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ‘ਚੰਨੀ ਰਾਜ, ਚੰਗਾ ਰਾਜ’ ਦਾ ਨਾਅਰਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਕਾਂਗਰਸ ਪਾਰਟੀ ਵਿੱਚ ਨਵੀਂ ਰੂਹ ਫੂਕੀ ਹੈ। ਆਪਣੇ ਸੰਬੋਧਨ ਵਿੱਚ ਵਿਧਾਇਕ ਜੋਗਿੰਦਰ ਪਾਲ ਨੇ ਚੰਨੀ ਨੂੰ ਆਮ ਲੋਕਾਂ ਦਾ ਮੁੱਖ ਮੰਤਰੀ ਦੱਸਿਆ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗੁਰਦੁਆਰਾ ਬਾਰਠ ਸਾਹਿਬ ਵਿਖੇ ਮੱਥਾ ਟੇਕਿਆ ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਚੰਨੀ ਨੇ ਪਿੰਡ ਬੰਨੀ ਲੋਧੀ ਵਿਖੇ ਖੇਡ ਸਟੇਡੀਅਮ ਅਤੇ ਪਿੰਡ ਲਾਹੜੀ ਮਹੰਤਾ ਵਿਖੇ 66 ਕੇ.ਵੀ ਪਾਵਰ ਸਟੇਸ਼ਨ ਵੀ ਲੋਕ ਅਰਪਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਅਮਿਤ ਵਿਜ, ਸਾਬਕਾ ਮੰਤਰੀ ਰਮਨ ਭੱਲਾ, ਕਾਂਗਰਸੀ ਆਗੂ ਅਸ਼ੋਕ ਵਢੇਰਾ, ਉਦਯੋਗ ਵਿਭਾਗ ਦੇ ਵਾਈਸ ਚੇਅਰਮੈਨ ਕਾਰਤਿਕ ਵਢੇਰਾ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ