ਪੰਜਾਬ

ਡਰੱਗ ਮਾਮਲਾ : ਮਜੀਠੀਆ ਨੂੰ ਮਿਲੀ ਹਾਈ ਕੋਰਟ ਤੋਂ ਪੇਸ਼ਗੀ ਜ਼ਮਾਨਤ

January 11, 2022 11:11 AM

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/10 ਜਨਵਰੀ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਹੁਕਮਰਾਨ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਾ ਹੈ। ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਜਾਂਚ ਵਿੱਚ ਸ਼ਾਮਲ ਹੋਣ ਲਈ ਵੀ ਕਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸਨ। ਪੰਜਾਬ ਸਰਕਾਰ ਅਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਸੀ, ਪਰ ਹੁਣ ਤੱਕ ਮਜੀਠੀਆ ਪੁਲਿਸ ਦੇ ਹੱਥ ਨਹੀਂ ਸਨ ਲੱਗੇ। ਗ੍ਰਿਫ਼ਤਾਰੀ ਤੋਂ ਬਚਣ ਲਈ ਮਜੀਠੀਆ ਨੇ ਪਹਿਲਾਂ ਮੋਹਾਲੀ ਅਦਾਲਤ ਵਿੱਚ ਪੇਸ਼ਗੀਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਪਿਛਲੇ ਦਿਨੀਂ ਮੋਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ਼ ਕਰ ਦਿੱਤਾ ਸੀ। ਉਸ ਮਗਰੋਂ ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਪੇਸ਼ਗੀ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰ-ਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ, ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਨਹੀਂ ਹੈ।
ਨਸ਼ਾ ਤਸਕਰੀ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਹਨ। ਅਕਾਲੀ ਆਗੂ ਦਾ ਕਹਿਣਾ ਸੀ ਕਿ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਕਾਰਨ ਅਤੇ ਸੱਤਾਧਾਰੀ ਧਿਰ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਉਲਝਾ ਕੇ ਰੱਖਣਾ ਚਾਹੁੰਦੀ ਹੈ।
ਇਸ ਸਬੰਧੀ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ। ਸਰਕਾਰ ਨੇ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕਰ ਦਿੱਤਾ ਹੈ। ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖ-ਰੇਖ ਹੇਠ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਮਜੀਠੀਆ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰ ਲਈ। ਉਂਜ ਅਦਾਲਤ ਨੇ ਅਕਾਲੀ ਆਗੂ ਨੂੰ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਵੀ ਦਿੱਤੇ ਹਨ। ਬਚਾਅ ਪੱਖ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਦੱਸਿਆ ਕਿ ਬੁੱਧਵਾਰ ਨੂੰ ਮਜੀਠੀਆ ਮੋਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਜਾਂਚ ’ਚ ਸ਼ਾਮਲ ਹੋਣ ਪਹੁੰਚ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ