ਹਰਭਜਨ
ਪੱਟੀ, 13 ਮਈ : ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵਲੋਂ ਪੇਕੇ ਘਰ ਰਹਿ ਰਹੀ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਆਪਣੇ ਆਪ ਨੂੰ ਗੋਲੀ ਮਾਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਦਾਤਾ ਵਿਖੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਪਤੀ ਵੱਲੋਂ ਆਪਣੀ ਪਤਨੀ ਦੇ ਸਿਰ ਵਿਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਜਿਸ ’ਤੇ ਪਤੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਤਰਨ ਤਾਰਨ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਪਰਮਜੀਤ ਕੌਰ ਦੀ ਮਾਂ ਬਲਵੀਰ ਕੌਰ ਨੇ ਦੱਸਿਆ ਕਿ ਉਸ ਦੀ ਧੀ ਪਰਮਜੀਤ ਕੌਰ ਦਾ ਵਿਆਹ ਅੱਠ ਸਾਲ ਪਹਿਲਾਂ ਪਿੰਡ ਬੋਪਾਰਾਏ ਵਿਖੇ ਇੰਦਰਜੀਤ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਲੈ ਕੇ ਹੁਣ ਤੱਕ ਦੋਹਾਂ ਵਿਚਾਲੇ ਘਰੇਲੂ ਕਲੇਸ਼ ਚੱਲ ਰਿਹਾ ਸੀ। ਜਿਸ ਦੇ ਚਲਦਿਆਂ ਪਰਮਜੀਤ ਕੌਰ ਉਨ੍ਹਾਂ ਕੋਲ ਲਗਭਗ ਇਕ ਸਾਲ ਪਹਿਲਾਂ ਪਿੰਡ ਕੋਟਦਾਤਾ ਪੇਕੇ ਪਰਿਵਾਰ ਵਿੱਚ ਆ ਕੇ ਰਹਿਣ ਲੱਗ ਪਈ। ਇਨ੍ਹਾਂ ਦੋਹਾਂ ਦੀ ਇੱਕ ਸੱਤ ਸਾਲ ਦੀ ਲੜਕੀ ਵੀ ਹੈ। ਬੀਤੀ ਰਾਤ ਇੰਦਰਜੀਤ ਸਿੰਘ ਹਥਿਆਰ ਨਾਲ ਲੈਸ ਹੋ ਕੇ 12 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ਵਿੱਚ ਦਾਖਲ ਹੋਇਆ ਅਤੇ ਸੁੱਤੀ ਪਈ ਪਰਮਜੀਤ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ। ਜਿਸ ਕਾਰਨ ਪਰਮਜੀਤ ਦੀ ਮੌਤ ਹੋ ਗਈ ਅਤੇ ਬਾਅਦ ਵਿੱਚ ਇੰਦਰਜੀਤ ਸਿੰਘ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਉਧਰ ਮੌਕੇ ’ਤੇ ਪਹੁੰਚੀ ਥਾਣਾ ਹਰੀਕੇ ਦੀ ਪੁਲਿਸ ਪਾਰਟੀ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਹਲਕਾ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਭੁੱਲਰ ਘਟਨਾ ਸਥਾਨ ’ਤੇ ਪਿੰਡ ਕੋਟਦਾਤਾ ਵਿਖੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।