ਏਜੰਸੀਆਂ
ਨਵੀਂ ਦਿੱਲੀ/20 ਮਈ : ਰੇਲਵੇ ਭਰਤੀ ਘਪਲੇ ਦੇ ਮਾਮਲੇ ’ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ੁੱਕਰਵਾਰ ਨੂੰ ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਮੁਖੀ ਲਾਲੂ ਪ੍ਰਸ਼ਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਵੱਡੀ ਧੀ ਮੀਸਾ ਭਾਰਤੀ ਦੇ 16 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਸੀਬੀਆਈ ਸੂਤਰਾਂ ਅਨੁਸਾਰ, ਬਿਊਰੋ ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਪਟਨਾ, ਦਿੱਲੀ ਅਤੇ ਗੋਪਾਲਗੰਜ ਸਮੇਤ 16 ਟਿਕਾਣਿਆਂ ’ਤੇ ਇਕੱਠਿਆਂ ਛਾਪੇਮਾਰੀ ਕੀਤੀ। ਸੀਬੀਆਈ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਰੇਲਵੇ ਵਿਚ ਨੌਕਰੀਆਂ ਦੇ ਬਦਲੇ ਕਥਿਤ ਤੌਰ ’ਤੇ ਉਮੀਦਵਾਰਾਂ ਤੋਂ ਜ਼ਮੀਨ ਲੈਣ ਦੇ ਮਾਮਲੇ ਵਿੱਚ ਨਵਾਂ ਕੇਸ ਦਰਜ ਕੀਤਾ ਹੈ। ਕਥਿਤ ਘਪਲਾ ਉਦੋਂ ਦਾ ਹੈ ਜਦੋਂ ਲਾਲੂ ਪ੍ਰਸ਼ਾਦ ਯਾਦਵ ਸੰਯੁਕਤ ਪ੍ਰਗਤੀਸੀਲ ਗਠਜੋੜ (ਯੂਪੀਏ) ਸਰਕਾਰ ਵਿੱਚ ਕੇਂਦਰੀ ਮੰਤਰੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਦਰਜ ਕੀਤੀ ਸੀ, ਜਿਸ ਨੂੰ ਐਫਆਈਆਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਲਾਲੂ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ, ਧੀਆਂ ਮੀਸਾ ਅਤੇ ਹੇਮਾ ਤੋਂ ਇਲਾਵਾ ਕਈ ਉਮੀਦਵਾਰਾਂ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਬਾਅਦ ਸੀਬੀਆਈ ਨੇ ਦਿੱਲੀ, ਪਟਨਾ ਅਤੇ ਗੋਪਾਲਗੰਜ ਵਿੱਚ 16 ਥਾਵਾਂ ’ਤੇ ਤਲਾਸ਼ੀ ਲਈ।