ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/23 ਮਈ : ਡਰੱਗਜ਼ ਮਾਮਲੇ ’ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ ਪਰ ਅਦਾਲਤ ਨੇ ਹਾਲ ਦੀ ਘੜੀ ਅਕਾਲੀ ਆਗੂ ਨੂੰ ਰਾਹਤ ਨਹੀਂ ਦਿੱਤੀ।
ਇਸ ਦੌਰਾਨ ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਇਸ ਮਾਮਲੇ ਦੀ ਸੁਣਵਾਈ 30 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਡਰੱਗਜ਼ ਕੇਸ ’ਚ ਦਸੰਬਰ ਮਹੀਨੇ ਐਫਆਈਆਰ ਦਰਜ ਕੀਤੀ ਗਈ ਸੀ। ਹਾਲਾਂਕਿ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ, ਤਾਂ ਜੋ ਉਹ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰ ਸਕਣ। ਦੱਸਣਾ ਬਣਦਾ ਹੈ ਕਿ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ ’ਚ ਆਤਮ-ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ। ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਇਸ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਬਿਕਰਮ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਗਿਆ ਸੀ।