- ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈਚਾਰਕ ਸਾਂਝ ਅਕਾਲੀ ਦਲ ਦਾ ਮੁੱਖ ਮੁੱਦਾ : ਸਿਕੰਦਰ ਸਿੰਘ ਮਲੂਕਾ
ਅਨਿਲ ਵਰਮਾ
ਬਠਿੰਡਾ/21 ਜੂਨ : ਦਸ ਸਾਲਾਂ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਇਤਿਹਾਸਕ ਵਿਕਾਸ ਅਤੇ ਲੱਖਾਂ ਦੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਰਾਹੀਂ ਦਿੱਤੇ ਰੁਜ਼ਗਾਰ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਵਿਰੋਧੀ ਪਾਰਟੀਆਂ ਵੱਲੋਂ ਹਮੇਸ਼ਾ ਹੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸੌੜੀ ਸਿਆਸਤ ਦਾ ਸਹਾਰਾ ਲਿਆ ਗਿਆ। ਸੰਗਰੂਰ ਜ਼ਿਮਨੀ ਚੋਣ ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਵਿਰੋਧੀ ਪਾਰਟੀਆਂ ਤੇ ਇਹ ਦੋਸ਼ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਲਗਾਏ। ਮਲੂਕਾ ਨੇ ਦੋਸ਼ ਲਗਾਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਧਿਰਾਂ ਦੇ ਸਮਰਥਨ ਨਾਲ ਬੀਬਾ ਕਮਲਦੀਪ ਕੌਰ ਨੂੰ ਉਮੀਦਵਾਰ ਬਣਾਏ ਜਾਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਦਾ ਬਣਾਏ ਜਾਣ ਨੂੰ ਗਲਤ ਰੰਗਤ ਦਿੱਤੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਚੋਣਾਂ ਜਿੱਤਣ ਲਈ ਸਮਾਜ ਵਿਚ ਪਾੜਾ ਪਾਉਣ ਤੋਂ ਵੀ ਗੁਰੇਜ਼ ਨਹੀਂ ਕਰਦੀਆਂ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨਾਲ ਨਾਲ ਕੁਝ ਹੋਰ ਵਿਰੋਧੀ ਤਾਕਤਾਂ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ ਹਿੰਦੂ ਵਰਗ ਅਤੇ ਵਿਸ਼ੇਸ਼ ਤੌਰ ਤੇ ਅਕਾਲੀ ਦਲ ਦੇ ਹਿੰਦੂ ਆਗੂਆਂ ਨੂੰ ਗੁੰਮਰਾਹ ਕਰਨ ਲਈ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਨੂੰ ਹਿੰਦੂ ਵਿਰੋਧੀ ਅਤੇ ਸਿਰਫ਼ ਸਿੱਖਾਂ ਦੀ ਨੁਮਾਇੰਦਾ ਪਾਰਟੀ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਲੂਕਾ ਨੇ ਕਿਹਾ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਖ ਮੁੱਦਾ ਬਣਾਇਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਆਪਸੀ ਭਾਈਚਾਰਕ ਸਾਂਝ ਸਭ ਧਰਮਾਂ ਦੇ ਸਤਿਕਾਰ ਅਤੇ ਅਮਨ ਕਾਨੂੰਨ ਦੀ ਬਹਾਲੀ ਦੇ ਮੁੱਦਿਆਂ ਤੋਂ ਕਦੇ ਵੀ ਪਿੱਛੇ ਨਹੀਂ ਹਟਿਆ। ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਹਿੰਦੂ ਵੀਰਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਸਿੱਖ ਕੌਮ ਨੇ ਹਮੇਸ਼ਾ ਹਿੰਦੂ ਧਰਮ ਅਤੇ ਦੇਸ਼ ਦੀ ਸੁਰੱਖਿਆ ਲਈ ਲੱਖਾਂ ਕੁਰਬਾਨੀਆਂ ਕੀਤੀਆਂ ਹਨ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਨੇ ਧਰਮ ਦੀ ਰਾਖੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਹੀ ਪਾਰਟੀ ਵਿਚ ਹਿੰਦੂ ਵਰਗ ਦੇ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਇੱਥੋਂ ਤੱਕ ਕਿ 1997 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਜੇਪੀ ਨਾਲ ਸਮਝੌਤਾ ਵੀ ਸੂਬੇ ਵਿਚ ਹਿੰਦੂ, ਸਿੱਖ ਏਕਤਾ ਨੂੰ ਅੱਗੇ ਵਧਾਉਣ ਲਈ ਹੀ ਕੀਤਾ ਸੀ। ਦੋ ਦਹਾਕਿਆਂ ਤੱਕ ਚੱਲੇ ਕਾਲੇ ਦੌਰ ਦੌਰਾਨ ਵੀ ਵਿਰੋਧੀ ਤਾਕਤਾਂ ਸੂਬੇ ਵਿਚ ਹਿੰਦੂ ਸਿੱਖ ਵਿੱਚ ਦਰਾੜ ਪੈਦਾ ਨਹੀਂ ਕਰ ਸਕੀਆਂ ਸਨ। ਚੋਣਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਚੋਣਾਂ ਜਿੱਤਣ ਲਈ ਸਮਾਜ ਵਿੱਚ ਪਾੜਾ ਪਾਉਣ ਵਾਲੀ ਸੌੜੀ ਸਿਆਸਤ ਕਰਨ ਵਾਲੇ ਕਦੇ ਵੀ ਪੰਜਾਬ ਹਿਤੈਸ਼ੀ ਨਹੀਂ ਹੋ ਸਕਦੇ। ਮਲੂਕਾ ਨੇ ਅਪੀਲ ਕੀਤੀ ਕਿ ਉਹ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੇ ਅਹਿਮ ਮੁੱਦਿਆਂ ਦੇ ਹੱਲ ਲਈ ਬੀਬਾ ਕਮਲਦੀਪ ਕੌਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ। ਪ੍ਰੈਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰੈਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਦਿੱਤੀ ਗਈ।