- ਸਫ਼ਾਈ ਕਰਮੀਆਂ ਦੀਆਂ ਮੁਹੱਲਾ ਵਾਈਜ਼ ਲਿਸ਼ਟਾਂ ਬਣਾ ਕੇ ਜਨਤਕ ਕਰਨ ਦੀਆਂ ਹਦਾਇਤਾਂ
ਵਿਜੇ ਸੋਨੀ, ਬੀ.ਐਸ.ਬਾਜਵਾ
ਬਟਾਲਾ/21 ਜੂਨ : ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਵੱਲੋਂ ਅੱਜ ਸਵੇਰੇ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਜਾਇਜਾ ਲਿਆ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੁਪਰਡੈਂਟ ਨਿਰਮਲ ਸਿੰਘ, ਸੈਨਟਰੀ ਇੰਸਪੈਕਟਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸਫ਼ਾਈ ਕਰਮੀਆਂ ਦੀ ਅਚਨਚੇਤ ਚੈਕਿੰਗ ਦੌਰਾਨ ਕੁਝ ਸਫ਼ਾਈ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਜਿਨ੍ਹਾਂ ਦੀ ਜੁਆਬ-ਤਲਬੀ ਕਰਨ ਦੇ ਨਿਰਦੇਸ਼ ਕਮਿਸ਼ਨਰ ਵੱਲੋਂ ਦਿੱਤੇ ਗਏ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਦਿੰਦਿਆਂ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਸ਼ਹਿਰ ਦੇ ਹਰ ਮੁਹੱਲੇ ਅਤੇ ਵਾਰਡ ਦੇ ਅਨੁਸਾਰ ਸਫ਼ਾਈ ਕਰਮਚਾਰੀਆਂ ਦੀ ਲਿਸਟ ਤਿਆਰ ਕੀਤੀ ਜਾਵੇ ਅਤੇ ਉਸ ਲਿਸਟ ਨੂੰ ਜਨਤਕ ਵੀ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਪਤਾ ਹੋਵੇ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਕਿੰਨੇ ਅਤੇ ਕਿਹੜੇ ਸਫ਼ਾਈ ਕਰਮਚਾਰੀ ਤਾਇਨਾਤ ਹਨ। ਉਨ੍ਹਾਂ ਸੈਨਟਰੀ ਇੰਸਪੈਕਟਰ ਅਤੇ ਸਫ਼ਾਈ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮੀਆਂ ਦੀ ਰੋਜ਼ਾਨਾ ਹਾਜ਼ਰੀ ਚੈੱਕ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਨੂੰ ਸਵੇਰੇ ਜਲਦੀ ਚੁੱਕਿਆ ਜਾਵੇ। ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਦੇ ਸੁਧਾਰ ਲਈ ਜਿਥੇ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇਗਾ ਓਥੇ ਸ਼ਹਿਰ ਵਾਸੀ ਵੀ ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਮੁਹਿੰਮ ਵਿੱਚ ਆਪਣਾ ਸਾਥ ਦੇਣ। ਉਨ੍ਹਾਂ ਕਿਹਾ ਕਿ ਨਾਗਰਿਕ ਆਪਣੇ ਘਰਾਂ ਵਿੱਚ ਹੀ ਗਿੱਲੇ ਕੂੜੇ ਦੀ ਕੰਪੋਸਟ ਖਾਦ ਤਿਆਰ ਕਰ ਸਕਦੇ ਹਨ ਜਦਕਿ ਸੁੱਕੇ ਕੂੜੇ ਨੂੰ ਕਬਾੜੀਏ ਕੋਲ ਰੀਸਾਈਕਲ ਲਈ ਵੇਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰ ਸ਼ਹਿਰ ਵਾਸੀ ਆਪਣੇ ਘਰ ਵਿੱਚ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰੇ ਅਤੇ ਸਫ਼ਾਈ ਕਰਮੀ ਨੂੰ ਵੀ ਵੱਖ-ਵੱਖ ਹੀ ਦੇਣ ਤਾਂ ਜੋ ਕੂੜੇ ਦਾ ਅਸਾਨੀ ਨਾਲ ਨਿਪਟਾਰਾ ਕੀਤਾ ਜਾ ਸਕੇ।