ਪੰਜਾਬ

ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨ

July 06, 2022 11:51 AM

ਦਸਬ
ਚੰਡੀਗੜ੍ਹ/5 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲੈਂਦਿਆਂ ਕਿਹਾ ਕਿ ਉਹ ਉਦੋਂ ਤੱਕ ਸ਼ਾਂਤ ਨਹੀਂ ਬੈਠਣਗੇ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਪਹੁੰਚਾ ਦਿੱਤਾ ਜਾਂਦਾ। ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਨਿੱਜੀ ਨਿਊਜ ਚੈਨਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਿਹਾ, “ਪੰਜਾਬ ਦੀ ਪਾਵਨ ਧਰਤੀ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਾਡੇ ਸਾਰਿਆਂ ਦੇ ਮੱਥੇ ਉਤੇ ਕਲੰਕ ਹੈ। ਇਸ ਘਿਨਾਉਣੀ ਘਟਨਾ ਦਾ ਵਾਪਰ ਜਾਣਾ ਸੋਚ ਤੋਂ ਵੀ ਪਰ੍ਹੇ ਅਤੇ ਨਾ-ਮੁਆਫੀਯੋਗ ਪਾਪ ਹੈ, ਜਿਸ ਦੇ ਦੋਸ਼ੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾ ਸਕਦਾ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇੰਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਘਿਨਾਉਣੇ ਜੁਰਮ ਦੇ ਦੋਸੀ ਸ਼ਰੇਆਮ ਦਨਦਨਾਉਂਦੇ ਫਿਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਸਿਰਫ ਇਸ ਲਈ ਹੋਇਆ ਕਿਉਂ ਜੋ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸੀ ਮਿਲੀਭੁਗਤ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਦੋਸ਼ੀ ਸਲਾਖਾਂ ਪਿੱਛੇ ਹੋਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਸ਼ਹਿ ਨਾਲ ਦੋਸ਼ੀ ਸਜ਼ਾ ਤੋਂ ਬਚਦੇ ਆਏ ਹਨ, ਪਰ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਰਤਾਰਾ ਬੰਦ ਹੋ ਗਿਆ, ਕਿਉਂਕਿ ਉਹ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਦ੍ਰਿੜ ਵਚਨਬੱਧ ਹਨ। ਭਗਵੰਤ ਮਾਨ ਨੇ ਕਿਹਾ ਕਿ ਕਾਬਲ ਤੋਂ ਕਾਬਲ ਅਧਿਕਾਰੀ ਜਾਂਚ ਦੀ ਅਗਲੇਰੀ ਪੈਰਵੀ ਕਰਨਗੇ ਅਤੇ ਚੰਗੇ ਤੋਂ ਚੰਗੇ ਵਕੀਲ ਅਦਾਲਤ ਵਿੱਚ ਕੇਸ ਲੜਨਗੇ ਤਾਂ ਜੋ ਦੋਸ਼ੀ ਸਜ਼ਾ ਤੋਂ ਬਚ ਨਾ ਸਕਣ।
ਗੈਂਗਸਟਰਵਾਦ ਨੂੰ ਕੌਮੀ ਸਮੱਸਿਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਖ਼ਤਰੇ ਨੂੰ ਰੋਕਣ ਲਈ ਸਾਰੇ ਸੂਬਿਆਂ ਨੂੰ ਆਪਸ ਵਿਚ ਹੱਥ ਮਿਲਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਹੀ ਇਸ ਸਮੱਸਿਆ ਨੂੰ ਕਾਰਗਰ ਢੰਗ ਨਾਲ ਖਤਮ ਕਰਨ ਵਿੱਚ ਮਦਦ ਮਿਲ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖ਼ਤਰੇ ਨਾਲ ਨਿਪਟਣ ਲਈ ਪਹਿਲਾਂ ਹੀ ਠੋਸ ਰਣਨੀਤੀ ਤਿਆਰ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੰਗਠਿਤ ਗਿਰੋਹ ਦੇ ਖਾਤਮੇ ਲਈ ਸਿਹਰਾ ਆਪਣੇ ਸਿਰ ਲੈਣ ਵਾਲੀ ਕੋਈ ਗੱਲ ਨਹੀਂ ਹੋਣੀ ਚਾਹੀਦੀ ਕਿਉਂਕਿ ਹਰੇਕ ਸੂਬਾ ਹੀ ਇਸ ਪ੍ਰਤੀ ਸੰਵੇਦਨਸੀਲ ਹੈ। ਉਨ੍ਹਾਂ ਨੇ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਉਤਸ਼ਾਹਤ ਕਰਨ ਲਈ ਕਾਂਗਰਸ ਅਤੇ ਅਕਾਲੀਆਂ ਦੀ ਵੀ ਕਰੜੀ ਆਲੋਚਨਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪੋ ਆਪਣੇ ਸਵਾਰਥਾਂ ਦੀ ਖਾਤਰ ਗੈਂਗਸਟਰਵਾਦ ਦੀ ਪੁਸ਼ਤਪਨਾਹੀ ਕੀਤੀ।
ਆਪਣੇ ਸਿਆਸੀ ਜੀਵਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਮੇਰੀ ਤਕਦੀਰ ਸਿਆਸਤ ਵਿਚ ਲੈ ਕੇ ਆਈ, ਪਰ ਮੈਂ ਗਰੀਬ ਤੋਂ ਗਰੀਬ ਲੋਕਾਂ ਦੀ ਸੇਵਾ ਨੂੰ ਪੂਰਨ ਤੌਰ ਉਤੇ ਸਮਰਪਿਤ ਹਾਂ।” ਭਗਵੰਤ ਮਾਨ ਨੇ ਕਿਹਾ ਕਿ ਉਹ ਪੂਰੇ ਸੂਬੇ ਦੇ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦਾ ਇੱਕੋ-ਇੱਕ ਨਿਸਾਨਾ ਪੰਜਾਬ ਨੂੰ ਮੁਲਕ ਵਿਚ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖੁਸਹਾਲੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਭਾਵੇਂ ਨਵੇਂ ਹੋਣ ਪਰ ਸੂਬੇ ਅਤੇ ਇਸ ਦੇ ਲੋਕਾਂ ਲਈ ਉਨ੍ਹਾਂ ਦੀ ਦੂਰਅੰਦੇਸੀ ਅਤੇ ਸਮਰਪਣ ਭਾਵਨਾ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਵਚਨਬੱਧਤਾ ਉਨ੍ਹਾਂ ਨੂੰ ਦੂਜੇ ਸਿਆਸਤਦਾਨਾਂ ਨਾਲੋਂ ਵੱਖਰਾ ਬਣਾਉਂਦੀ ਹੈ ਜਿਨ੍ਹਾਂ ਨੇ ਸੱਤਾ ਦੀ ਵਰਤੋਂ ਸਿਰਫ ਸੂਬੇ ਦੇ ਖਜ਼ਾਨੇ ਦੀ ਲੁੱਟ ਲਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕ ਹੁਣ ਤਜਰਬੇਕਾਰ ਸਿਆਸਤਦਾਨ ਹੋਣ ਦਾ ਦਾਅਵਾ ਕਰਦੇ ਹਨ, ਉਹ ਇਸ ਖੇਤਰ ਵਿੱਚ ਆਉਣ ਸਮੇਂ ਨਵੇਂ ਹੀ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬੀ ਵੱਡੇ ਕਰਜ਼ੇ ਹੇਠ ਦੱਬੇ ਹੋਏ ਹਨ, ਪਰ ਸਿਆਸੀ ਆਗੂ ਉਨ੍ਹਾਂ ਦੀ ਚਿੰਤਾ ਕਰਨ ਦੀ ਬਜਾਏ ਆਪਣੀਆਂ ਤਨਖਾਹਾਂ ਲਈ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਆਪਣੀਆਂ ਤਨਖ਼ਾਹਾਂ ਦੀ ਚਿੰਤਾ ਨਹੀਂ ਕਰਦੇ, ਸਗੋਂ ਉਨ੍ਹਾਂ ਨੂੰ ਭਿ੍ਰਸ਼ਟਾਚਾਰ ਦੀ ਜ਼ਿਆਦਾ ਚਿੰਤਾ ਹੈ ਜੋ ਹੁਣ ਬੰਦ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭਿ੍ਰਸਟਾਚਾਰ ਨੂੰ ਨੱਥ ਪਾਈ ਹੈ, ਇਸ ਲਈ ਹੁਣ ਜ਼ਿਆਦਾਤਰ ਸਿਆਸਤਦਾਨਾਂ ਅਤੇ ਨੌਕਰਸਾਹਾਂ ਨੂੰ ਉਨ੍ਹਾਂ ਦੀਆਂ ਅਸਲ ਤਨਖ਼ਾਹਾਂ ਬਾਰੇ ਪਤਾ ਲੱਗ ਗਿਆ ਹੈ ਜੋ ਉਨ੍ਹਾਂ ਨੂੰ ਬਹੁਤ ਘੱਟ ਲੱਗਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੇ ਇੱਕ ਪੈਸਾ ਵੀ ਲੁੱਟਿਆ ਹੈ, ਉਸ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਸਾਰੇ ਲੁਟੇਰਿਆਂ ਦਾ ਪਰਦਾਫਾਸ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਹੈ ਕਿ ਦੋਸੀ ਭਾਵੇਂ ਕਿੰਨਾ ਵੀ ਅਮੀਰ ਕਿਉਂ ਨਾ ਹੋਵੇ, ਉਸ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵਿਰੋਧੀ ਧਿਰ ਨਹੀਂ ਹੈ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਲਾਂਭੇ ਕਰ ਦਿੱਤਾ ਹੈ। ਇੱਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ 92 ਸੀਟਾਂ ਨਾਲ ਭਾਰੀ ਫਤਵਾ ਦਿੱਤਾ ਹੈ, ਜਿਨ੍ਹਾਂ ਵਿੱਚੋਂ 66 ਸੀਟਾਂ ਸਿਰਫ ਮਾਲਵਾ ਖੇਤਰ ਦੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਅਕਾਲੀਆਂ ਅਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਕੇ ਸੂਬੇ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਵੋਟਾਂ ਪਾਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ, ਇਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਵਰਗੇ ਹੋਰ ਨੇਤਾਵਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਾਲ ਨਾਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਸੱਤਾ ਦੀ ਰੱਜ ਕੇ ਦੁਰਵਰਤੋਂ ਕੀਤੀ ਜਿਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਨੂੰ ਬਾਹਰ ਦਾ ਰਾਹ ਵਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ਵਿਚ ਭਰੋਸਾ ਜ਼ਾਹਰ ਕੀਤਾ ਹੈ ਅਤੇ ਅਸੀਂ ਹਰ ਕੀਮਤ ਉਤੇ ਇਸ ਦੀ ਰਾਖੀ ਕਰਾਂਗੇ।
2012 ਦੀਆਂ ਚੋਣਾਂ ਵਿੱਚ ਪੀਪਲਜ਼ ਪਾਰਟੀ ਆਫ ਪੰਜਾਬ (ਪੀਪੀਪੀ) ਦੀ ਮਾੜੀ ਕਾਰਗੁਜ਼ਾਰੀ ਬਾਰੇ ਇੱਕ ਕਿੱਸਾ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਆਪਣੇ ਚਾਚਾ ਪ੍ਰਕਾਸ਼ ਸਿੰਘ ਬਾਦਲ ਜੋ ਉਸ ਵੇਲੇ ਮੁੱਖ ਮੰਤਰੀ ਸਨ, ਨਾਲ ਆਪਸੀ ਮਨ-ਮੁਟਾਵ ਤੋਂ ਬਾਅਦ ਪਾਰਟੀ ਬਣਾਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਆਪਣੇ ਚਾਚੇ ਜਾਂ ਉਨ੍ਹਾਂ ਦੀ ਸਰਕਾਰ ਦੇ ਮਾੜੇ ਕੰਮਾਂ ਖਿਲਾਫ ਇੱਕ ਸ਼ਬਦ ਵੀ ਨਹੀਂ ਬੋਲਿਆ ਜਿਸ ਕਾਰਨ ਉਨ੍ਹਾਂ ਦੀ ਪਾਰਟੀ ਦਾ ਵਿਧਾਨ ਸਭਾ ਚੋਣਾਂ ਵਿੱਚ ਮਾੜਾ ਹਸ਼ਰ ਹੋਇਆ ਅਤੇ ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖੰਡ ਮਿਲ ਦੇ ਅੰਦਰ ਅਤੇ ਮਿਲ ਮਾਲਕਾਂ ਦੇ ਘਰ ਅੱਗੇ ਲੱਗਾਇਆ ਜਾਵੇ ਧਰਨਾ : ਸਰਵ ਸ਼ਕਤੀ ਸੈਨਾ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

ਧੱਫੜੀ ਰੋਗ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ 8 ਗਊਸ਼ਾਲਾਵਾਂ ਨੂੰ ਭੇਜੀ ਮੁਫ਼ਤ ਦਵਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

ਐਸਟੀਐਫ਼ ਵੱਲੋਂ 15 ਗਰਾਮ ਹੈਰੋਇਨ, ਪਿਸਤੌਲ ਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ