-ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐਸ.ਬੀ) ਮੋਹਾਲੀ ਵਿਖੇ ਹੋਵੇਗੀ ਸ਼ੁਰੂਆਤ:
ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਮੋਹਾਲੀ, 20 ਜਨਵਰੀ
ਗੁਰਵਿੰਦਰ ਸਿੰਘ:
ਰਾਜ ਸਰਕਾਰ ਵੱਲੋਂ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ, ਹਰੇਕ ਹਲਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ (ਐਸ.ਓ.ਈ.), ਬਣਾਉਣ ਲਈ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ 21 ਜਨਵਰੀ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਮੋਹਾਲੀ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੀਤੀ ਜਾਵੇਗੀ। ਇਸ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਵਿਸ਼ੇਸ਼ ਸਕੱਤਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਆਈ.ਐਸ.ਬੀ. ਵਿਖੇ ਸਮਾਗਮ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹਨਾਂ ਸਕੂਲਾਂ ਲਈ ਇੱਕ ਵਿਸ਼ੇਸ਼ ਚਿੰਨ੍ਹ ਵੀ ਲਾਂਚ ਕੀਤਾ ਜਾਵੇਗਾ। ਸਿੱਖਿਆ ਵਿਭਾਗ ਇਨ੍ਹਾਂ ਸਕੂਲਾਂ ਦੀਆਂ ਖਾਸ ਵਿਸ਼ੇਸ਼ਤਾਵਾਂ ਨੂੰ ਪਾਵਰਪੁਆਇੰਟ ਪ੍ਰੈਜ਼ਨਟੇਸ਼ਨ ਰਾਹੀਂ ਪੇਸ਼ ਕਰੇਗਾ, ਜਿਸ ਤੋਂ ਬਾਅਦ ਮੁਹਾਲੀ ਦੇ 3ਬੀ1 ਸਕੂਲ ਦੀ 3-ਡੀ ਵਾਕ ਦੀ ਪੇਸ਼ਕਾਰੀ ਹੋਵੇਗੀ। ਇਸ ਮੌਕੇ ਰਾਜ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਅਧਿਆਪਨ ਦੇ ਨਵੀਨਤਮ ਤਰੀਕਿਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਉਨਾਂ ਕਿਹਾ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੁਆਰਾ ਲਾਈਵ ਸਕੈਚ ਕਾਊਂਟਰ ਸੈਲਫੀ ਪੁਆਇੰਟ, ਪਹੇਲੀਆਂ, ਆਦਿ ਖਿੱਚ ਦਾ ਕੇਂਦਰ ਬਣਨਗੀਆਂ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ ਅਤੇ ਹੋਰ ਪਤਵੰਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵਿਦਿਆਰਥੀਆਂ ਦੇ ਸਿੱਖਣ ਦੇ ਤਰੀਕੇ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਉਪਰਾਲਾ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਬਿਤ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰ ਪਾਲ, ਐਸ.ਡੀ.ਐਮ ਮੁਹਾਲੀ ਸਰਬਜੀਤ ਕੌਰ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।