ਬਠਿੰਡਾ, 28 ਜਨਵਰੀ, (ਅਨਿਲ ਵਰਮਾ): ਪੰਜਾਬ ਸਰਕਾਰ ਵੱਲੋਂ ਆਮ ਆਦਮੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਇਨ੍ਹਾਂ ਆਮ ਆਦਮੀ ਮੁਹੱਲਾ ਕਲੀਨਿਕਾਂ ਦੇ ਮੌਜੂਦਾ ਹਾਲਾਤ ਤੇ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਭਾਜਪਾ ਪੰਜਾਬ ਦੇ ਜਨਰਲ ਸਕੱਤਰ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੀਤ ਪ੍ਰਧਾਨ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਮੁਹੱਲਾ ਕਲੀਨਿਕਾਂ ਤੇ ਸਵਾਲ ਖੜ੍ਹੇ ਕੀਤੇ ਹਨ। ਕਾਂਗੜ, ਨਕੱਈ ਅਤੇ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਮੁਹੱਲਾ ਕਲੀਨਿਕਾਂ ਦੀ ਡਰਾਮੇਬਾਜ਼ੀ ਮਹਿਜ਼ ਪੰਜਾਬ ਸਰਕਾਰ ਦੇ ਪੈਸੇ ਦੀ ਬਰਬਾਦੀ ਹੈ ਜਦੋਂ ਕਿ ਮੌਜੂਦਾ ਸਿਹਤ ਸਹੂਲਤਾਂ ਦੇ ਹਾਲਾਤ ਵੱਲ ਸਰਕਾਰ ਕੋਈ ਧਿਆਨ ਨਹੀਂ ਕਿਉਂਕਿ ਸਿਵਲ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪਿੰਡਾਂ ਵਿੱਚ ਬਣੇ ਸੇਵਾ ਕੇਂਦਰਾਂ ਤੇ ਛੋਟੀਆਂ ਡਿਸਪੈਂਸਰੀਆਂ ਵਿੱਚ ਸਟਾਫ਼ ਦੀ ਘਾਟ ਹੈ ਜਿਸ ਨੂੰ ਪੂਰਾ ਕਰਕੇ ਸਿਹਤ ਸਹੂਲਤਾਂ ਮੁਹੱਈਆ ਹੋ ਸਕਦੀਆਂ ਹਨ ਪਰ ਸਰਕਾਰ ਵੱਲੋਂ ਪੁਰਾਣੀਆਂ ਬਿਲਡਿੰਗਾਂ ਦੀ ਮਾਮੂਲੀ ਮੁਰੰਮਤ ਅਤੇ ਰੰਗ ਰੋਗਣ ਨਾਲ ਹਾਰ ਸ਼ਿੰਗਾਰ ਕਰਕੇ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਮਹਿਜ ਡਰਾਮੇਬਾਜ਼ੀ ਅਤੇ ਲੋਕਾਂ ਨਾਲ ਧੋਖਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿਚ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਮੁਹੱਲਾ ਕਲੀਨਿਕ ਪੁਰਾਣੀਆਂ ਬਿਲਡਿੰਗਾਂ ਵਿੱਚ ਸ਼ੁਰੂ ਕੀਤੇ ਗਏ ਹਨ ਫਿਰ ਮਾਨ ਸਰਕਾਰ ਵੱਲੋਂ ਕਿਹੜੀਆਂ ਸਿਹਤ ਸਹੂਲਤਾਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ । ਭਾਜਪਾ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਸਭ ਤੋਂ ਪਹਿਲਾਂ ਸਿਵਲ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਸਟਾਫ਼ ਦੀ ਘਾਟ ਅਤੇ ਹਰ ਸਹੂਲਤ ਮੁਹੱਈਆ ਕਰਵਾਉਣ ਵੱਲ ਧਿਆਨ ਦੇਣ ਨਾ ਕੇ ਰੰਗ-ਰੋਗਨ ਕਰਕੇ ਹਾਰ-ਸ਼ਿੰਗਾਰ ਨਾਲ ਸਜਾਏ ਕਲੀਨਿਕਾਂ ਦੀ ਆੜ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ। ਉਹਨਾਂ ਕਿਹਾ ਕਿ ਗਣਤੰਤਰਤਾ ਦਿਵਸ ਮੌਕੇ ਆਮ ਆਦਮੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਲਾ ਕੇ ਕੀਤੇ ਪ੍ਰੋਗਰਾਮ ਨੂੰ ਵੀ ਡਰਾਮੇਬਾਜ਼ੀ ਕਰਾਰ ਦਿੰਦਿਆਂ ਪੰਜਾਬ ਸਰਕਾਰ ਦੇ ਪੈਸੇ ਦੀ ਬਰਬਾਦੀ ਕਰਾਰ ਦਿੱਤਾ । ਉਨ੍ਹਾਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਲਈ ਕਰੋੜਾਂ ਰੁਪਏ ਦੇ ਇਸ਼ਤਿਹਾਰ ਜਾਰੀ ਕਰਨ ਨੂੰ ਵੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਸ ਪੈਸੇ ਨਾਲ ਹੀ ਕਈ ਸਰਕਾਰੀ ਹਸਪਤਾਲਾਂ ਵਿਚ ਸਹੂਲਤਾਂ ਮੁਹੱਈਆ ਹੋ ਸਕਦੀਆਂ ਹਨ ਪਰ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਫੋਕੀ ਸ਼ੋਹਰਤ ਹਾਸਿਲ ਕਰਨ ਲਈ ਅਜਿਹੀ ਡਰਾਮੇਬਾਜ਼ੀ ਤੇ ਉਤਰੀ ਹੋਈ ਹੈ ਜੋ ਪੰਜਾਬ ਵਿੱਚ ਸਹੀ ਕਦਮ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਧਿਆਨ ਦੇਵੇ ਨਾ ਕਿ ਡਰਾਮੇਬਾਜ਼ੀ ਕਰ ਕੇ ਆਪਣਾ ਡੰਗ ਟਪਾਵੇ ਕਿਉਂਕਿ ਭਾਜਪਾ ਮਾਨ ਸਰਕਾਰ ਦੀ ਹਰ ਕਾਰਵਾਈ ਤੇ ਨਿਗਾਹ ਰੱਖ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਜਾਂਦੇ ਧੋਖ਼ੇ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਪਰਦਾ ਹਟਾਉਣ ਤੋਂ ਪਿੱਛੇ ਨਹੀਂ ਹੱਟੇਗੀ।