ਜਸਬੀਰ ਸਿੰਘ ਦੁੱਗਲ/ ਹਿਮਸ਼ਿਖਾ ਲਾਂਬਾ
ਕੁਰੂਕਸ਼ੇਤਰ, 10 ਮਾਰਚ:
ਧਰਮਨਗਰੀ ਕੁਰੂਕਸ਼ੇਤਰ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਫੋਟੋ ਅਤੇ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਹ ਮੰਗ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਸੇਵਾਪੰਥੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਐਸਆਈਟੀ ਦਾ ਗਠਨ ਕਰਕੇ ਇਸ ਘਟਨਾ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਦਾ ਖੁਲਾਸਾ ਕੀਤਾ ਜਾਵੇ। ਇੰਨਾ ਹੀ ਨਹੀਂ, ਮੁਲਜ਼ਮ ਦੇ ਮੋਬਾਈਲ ਦੀ ਕਾਲ ਡਿਟੇਲ ਵੀ ਕਢਵਾਈ ਜਾਵੇ, ਤਾਂ ਜੋ ਇਸ ਘਿਨਾਉਣੇ ਕਾਰੇ ਦੇ ਸਾਜ਼ਿਸ਼ ਰਚਣ ਵਾਲਿਆਂ ਦਾ ਪਰਦਾਫਾਸ਼ ਕੀਤਾ ਜਾ ਸਕੇ। ਕੁਰੂਕਸ਼ੇਤਰ ਪੁਲੀਸ ਵੱਲੋਂ ਮੁਲਜ਼ਮਾਂ ਦਾ ਅਦਾਲਤ ’ਚੋਂ ਰਿਮਾਂਡ ਨਾ ਲੈਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਮਹੰਤ ਕਰਮਜੀਤ ਸਿੰਘ ਸੇਵਾਪੰਥੀ ਨੇ ਕਿਹਾ ਕਿ ਇਹ ਮਾਮਲਾ ਕੁਰੂਕਸ਼ੇਤਰ ਪੁਲਿਸ ਅਤੇ ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਢਿਲ ਦਿੱਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਪਾਗਲ ਜਾਂ ਸਿਰਫਿਰਾ ਕਹਿ ਕੇ ਮਾਮਲੇ ਨੂੰ ਦਬਾਇਆ ਨਹੀ ਜਾਣਾ ਚਾਹੀਦਾ, ਕਿਉਂਕਿ ਇਹ ਉਹ ਸ਼ਰਾਰਤੀ ਅਨਸਰ ਹਨ ਜੋ ਹਰਿਆਣਾ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਢਾਹ ਲਾਉਣਾ ਚਾਹੁੰਦੇ ਹਨ। ਮਹੰਤ ਕਰਮਜੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਅਕਸਰ ਵਾਪਰ ਰਹੀਆਂ ਹਨ ਅਤੇ ਅਦਾਲਤ ਵਿੱਚੋਂ ਮੁਲਜ਼ਮਾਂ ਨੂੰ ਜਲਦੀ ਜ਼ਮਾਨਤ ਮਿਲਣ ਕਾਰਨ ਸਮਾਜ ਵਿਰੋਧੀ ਅਨਸਰਾਂ ਨੂੰ ਹੌਸਲਾ ਮਿਲ ਰਿਹਾ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ, ਜਿਸ ਤਹਿਤ ਮੁਲਜ਼ਮਾਂ ਨੂੰ ਘੱਟੋ-ਘੱਟ 2 ਸਾਲ ਤੱਕ ਜ਼ਮਾਨਤ ਨਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਸਖ਼ਤ ਹੋਵੇਗਾ, ਤਾਂ ਸਮਾਜ ਵਿਰੋਧੀ ਅਨਸਰ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਤੋਂ ਡਰਨਗੇ।