ਸੀਪੀਆਈ (ਐਮ) ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਮੁਹਿੰਮ ਦਾ ਆਗਾਜ਼ 11 ਅਪ੍ਰੈਲ ਨੂੰ ਪਿੰਡ ਬੰਡਾਲਾ ਤੋਂ
ਦਸਬ
ਪਟਿਆਲਾ/3 ਅਪ੍ਰੈਲ : ਸੀਪੀਆਈ (ਐਮ) ਜ਼ਿਲ੍ਹਾ ਪਟਿਆਲਾ ਦੀ ਜਨਰਲ ਬਾਡੀ ਮੀਟਿੰਗ ਕਾਮਰੇਡ ਸੁੱਚਾ ਸਿੰਘ ਅਜਨਾਲਾ ਦੀ ਪ੍ਰਧਾਨਗੀ ਵਿੱਚ ਸੀਟੂ ਦਫ਼ਤਰ ਵਿਖੇ ਹੋਈ।
ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਤੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਵਿਸ਼ੇਸ਼ ਤੌਰ ’ਤੇ ਪੁੱਜੇ।
ਮੀਟਿੰਗ ਦੀ ਕਾਰਵਾਈ ਦੀ ਰਿਪੋਰਟ ਜ਼ਿਲ੍ਹਾ ਸਕੱਤਰ ਕਾਮਰੇਡ ਧਰਮਪਾਲ ਸਿੰਘ ਸੀਲ ਨੇ ਪ੍ਰੈਸ ਲਈ ਜਾਰੀ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸੀਪੀਆਈ (ਐਮ) ਨੇ ਫ਼ਿਰਕੂ-ਕਾਰਪੋਰੇਟ ਗਠਜੋੜ ਸਬੰਧੀ ਜੋ ਖਦਸ਼ੇ ਜ਼ਾਹਰ ਕੀਤੇ ਸਨ, ਉਹ ਠੀਕ ਨਿਕਲੇ। ਭਾਜਪਾ ਦੀ ਬੀਤੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਨੇ ਇਨ੍ਹਾਂ ਨੂੰ ਸਹੀ ਸਿੱਧ ਕੀਤਾ ਹੈ। ਇਸ ਦੌਰਾਨ ਜੰਮੂ ਕਸ਼ਮੀਰ ਵਿੱਚ ਧਾਰਾ 370 ਅਤੇ 35ਏ ਨੂੰ ਖ਼ਤਮ ਕੀਤਾ ਗਿਆ, ਕੋਵਿਡ-19 ਮਹਾਮਾਰੀ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਨਾਂ ਕਿਸੇ ਯੋਜਨਾਬੰਦੀ ਦੇ ਦੇਸ਼ ਵਿੱਚ ਲਾਕਡਾਊਨ ਦਾ ਐਲਾਨ ਕਰਕੇ ਲੋਕਾਂ ਨੂੰ ਮੁਸੀਬਤਾਂ ਵਿੱਚ ਪਾ ਦਿੱਤਾ ਗਿਆ।
ਇਸੇ ਤਰ੍ਹਾਂ ਕਿਸਾਨ ਵਿਰੋਧੀ ਤਿੰਨ ਖੇਤੀ ਕਾਲੇ ਕਾਨੂੰਨ ਲਿਆਂਦੇ ਗਏ ਜੋ ਕਿ ਇਤਿਹਾਸਕ ਕਿਸਾਨ ਸੰਘਰਸ਼ ਅੱਗੇ ਟਿਕ ਨਾ ਸਕੇ ਤੇ ਪ੍ਰਧਾਨ ਮੰਤਰੀ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨਾ ਪਿਆ। ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਪੱਖ਼ ਵਿੱਚ ਭੁਗਤਦਿਆਂ ਲੰਬੇ ਸੰਘਰਸ਼ਾਂ ਤੋਂ ਬਾਅਦ ਦੇਸ਼ ਦੇ ਕਿਰਤੀਆਂ ਲਈ ਬਣਾਏ ਗਏ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ 4 ਕੋਡਾਂ ਵਿੱਚ ਤਬਦੀਲ ਕਰ ਦਿੱਤਾ ਗਿਆ।
ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਇੱਕ ਏਜੰਡੇ ਦੇ ਤਹਿਤ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਈਡੀ, ਸੀਬੀਆਈ, ਆਮਦਨ ਕਰ ਵਿਭਾਗ ਤੇ ਹੋਰ ਏਜੰਸੀਆਂ ਦੀ ਕੁਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਮੁੱਖ ਨਿਸ਼ਾਨਾ ਫ਼ਿਰਕੂ-ਕਾਰਪੋਰੇਟ ਗੱਠਜੋੜ ਨੂੰ ਹਰਾਉਣਾ ਹੈ। ਉਨ੍ਹਾ ਕਿਹਾ ਕਿ ਇਸ ਲਈ ਜਮਹੂਰੀਅਤ ਪਸੰਦ ਲੋਕਾਂ ਦੀ ਲਾਮਬੰਦੀ ਅਤਿ ਜ਼ਰੂਰੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਸੀਪੀਆਈ ਐਮ ਵੱਲੋਂ ਲੋਕ ਸਭਾ ਹਲਕਾ ਜਲੰਧਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਆਪਣੇ ਉਮੀਦਵਾਰ ਕਾਮਰੇਡ ਪਰਸ਼ੋਤਮ ਲਾਲ ਬਿਲਗਾ ਦੀ ਚੋਣ ਮੁਹਿੰਮ ਦਾ ਆਗਾਜ਼ 11 ਅਪ੍ਰੈਲ ਨੂੰ ਮਹਾਨ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਜੱਦੀ ਪਿੰਡ ਬੰਡਾਲਾ ਮੰਜਕੀ ਤੋਂ ਕੀਤਾ ਜਾਵੇਗਾ।
ਇਸ ਮੌਕੇ ਡਾ. ਬਲਵਿੰਦਰ ਸਿੰਘ ਟਿਵਾਣਾ, ਰਮੇਸ਼ ਆਜ਼ਾਦ, ਗੁਰਮੀਤ ਸਿੰਘ ਛੱਜੂਭੱਟ ਅਤੇ ਜੰਗੀਰ ਸਿੰਘ ਹੰਸਾਲਾ ਨੇ ਵੀ ਸੰਬੋਧਨ ਕੀਤਾ।