ਸ੍ਰੀ ਫ਼ਤਹਿਗੜ੍ਹ ਸਾਹਿਬ/ 27 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ ਤੇ ਨਸ਼ਾ ਪੀੜਤ ਮਰੀਜ਼ਾਂ ਦੇ ਇਲਾਜ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਨਸ਼ਾ ਛੁਡਾਊ ਕੇਂਦਰ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਾਰਜਸ਼ੀਲ ਹੈ, ਜਿੱਥੇ 10 ਬੈੱਡਾਂ ਦੀ ਸਮਰੱਥਾ ਹੈ ਤੇ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 50 ਬੈੱਡਾਂ ਦਾ ਮੁੜ ਵਸੇਬਾ ਕੇਂਦਰ ਸਰਹਿੰਦ ਵਿਖੇ ਵੀ ਕਾਰਜਸ਼ੀਲ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚਲੇ 18 ਓਟ ਕਲੀਨਿਕਾਂ ਤੋਂ ਕਰੀਬ 06 ਹਜ਼ਾਰ ਨਸ਼ਾ ਪੀੜਤ ਆਪਣੀ ਦਵਾਈ ਲੈ ਕੇ ਇਲਾਜ ਕਰਵਾ ਰਹੇ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਹਸਪਤਾਲ ਵਿਖੇ ਕਾਰਜਸ਼ੀਲ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ।ਇਸ ਚੈਕਿੰਗ ਮੌਕੇ ਡੀ.ਐਮ.ਸੀ. ਡਾ. ਸਰਿਤਾ, ਐਸ.ਐਮ.ਓ. ਡਾ. ਕੇਡੀ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।