Tuesday, October 21, 2025  

ਪੰਜਾਬ

ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

March 02, 2025

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ।
ਇੱਥੇ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ, ਪੀਰ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇੱਕ ਇਤਿਹਾਸਕ ਮੋੜ 'ਤੇ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਆਮ ਜਨਤਾ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਮੁਲਾਜ਼ਮ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।
ਨਵੇਂ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਹੱਤਵਪੂਰਨ ਮੌਕਾ ਹੈ ਕਿਉਂਕਿ ਉਹ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ, ਜਿਸ ਨਾਲ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਫੋਰਸ ਵਿੱਚ ਨਵੇਂ ਸ਼ਾਮਲ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਇਸ ਦੀ ਸਪਲਾਈ ਨੂੰ ਰੋਕਣ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਫੋਰਸ ਨੂੰ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਇੰਨਾ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉਗੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬੀਆਂ ਵੱਲੋਂ ਪਿਆਰ, ਸਦਭਾਵਨਾ ਅਤੇ ਸ਼ਾਂਤੀ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ 2022 ਤੋਂ ਲੈ ਕੇ ਹੁਣ ਤੱਕ ਪੁਲਿਸ ਫੋਰਸ ਨੂੰ ਅਪਡੇਟ ਕਰਨ ਲਈ 10,000 ਤੋਂ ਵੱਧ ਨੌਜਵਾਨ ਨਿਯੁਕਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੇਂ ਸਿਪਾਹੀਆਂ ਦੀ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਜਲਦੀ ਹੀ ਕੈਬਨਿਟ ਵੱਲੋਂ ਲੋੜੀਂਦੀ ਹਰੀ ਝੰਡੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਲਈ ਵਚਨਬੱਧ ਹੈ ਤਾਂ ਜੋ ਅਪਰਾਧੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸਿੱਝਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਦੇ ਖ਼ਤਰੇ ਵਾਲੇ 4200 ਕਿਲੋਮੀਟਰ ਹਾਈਵੇਅ 'ਤੇ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਨਿਰਧਾਰਤ ਖੇਤਰਾਂ ਵਿਚ ਗਸ਼ਤ ਕਰਨ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਕੰਮ ਕਰਦੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਭਾਰਤ ਦੀ ਸੰਸਦ ਵਿਚ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 155 ਏਕੜ ਵਿੱਚ ਫੈਲਿਆ ਜਹਾਨ ਖੇਲਾ ਕੈਂਪਸ ਅਤਿ ਆਧੁਨਿਕ ਸਿਖਲਾਈ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ਦੂਜੇ ਰਾਜਾਂ ਦੀਆਂ ਫੋਰਸਾਂ ਇੱਥੇ ਪੁਲਿਸ ਸਿਖਲਾਈ ਲੈਣ ਲਈ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਪਰਾਧ ਦਾ ਢੰਗ ਬਦਲ ਗਿਆ ਹੈ, ਇਸ ਲਈ ਪੰਜਾਬ ਪੁਲਿਸ ਨੂੰ ਅਪਡੇਟ ਕੀਤਾ ਜਾ ਰਿਹਾ ਹੈ, ਜਿਸ ਲਈ ਇੱਥੇ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿੱਚ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਪੰਜਾਬ ਵਿੱਚ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਫੂਡ ਸੇਫਟੀ ਟੀਮ ਨੇ ਸਵੇਰੇ-ਸਵੇਰੇ ਭਰੇ ਦੁੱਧ, ਪਨੀਰ ਤੇ ਖੋਏ ਦੇ 8 ਸੈਂਪਲ

ਫੂਡ ਸੇਫਟੀ ਟੀਮ ਨੇ ਸਵੇਰੇ-ਸਵੇਰੇ ਭਰੇ ਦੁੱਧ, ਪਨੀਰ ਤੇ ਖੋਏ ਦੇ 8 ਸੈਂਪਲ

ਵਿਧਾਇਕ ਰਾਏ ਨੇ 2.18 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ 

ਵਿਧਾਇਕ ਰਾਏ ਨੇ 2.18 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵੱਲੋਂ ਪ੍ਰੋ. ਹਰਪ੍ਰੀਤ ਸਿੰਘ ਦੁਆਰਾ ਪ੍ਰਸਤੁਤ ਸ਼ਬਦ  ਯੂਟਿਊਬ ਚੈਨਲ ’ਤੇ ਰਿਲੀਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵੱਲੋਂ ਪ੍ਰੋ. ਹਰਪ੍ਰੀਤ ਸਿੰਘ ਦੁਆਰਾ ਪ੍ਰਸਤੁਤ ਸ਼ਬਦ  ਯੂਟਿਊਬ ਚੈਨਲ ’ਤੇ ਰਿਲੀਜ਼