ਸ੍ਰੀ ਫ਼ਤਹਿਗੜ੍ਹ ਸਾਹਿਬ/ 30 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਅਲੂਮਨੀ ਮੀਟ 2025 ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੰਨ 1995 ਤੋਂ 2024 ਤੱਕ ਕਾਲਜ ਵਿਖੇ ਪੜ੍ਹੇ ਵੱਖ-ਵੱਖ ਬੈਚਾਂ ਦੇ ਸਾਬਕਾ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਰਥ ਸ਼ਾਸਤਰ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਨੂੰ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਨਾਮਨਾ ਖੱਟਣ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਇਸ ਤੋਂ ਪਹਿਲਾਂ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਨਵਜੀਤ ਕੌਰ ਨੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਵਿੱਦਿਅਕ, ਆਰਥਿਕ ਅਤੇ ਸਮਾਜਿਕ ਖੇਤਰਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੱਲਾਂ ਮਾਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਅਲੂਮਨੀ ਐਸੋਸੀਏਸ਼ਨ ਦੇ ਡੀਨ ਡਾ. ਜਗਪਾਲ ਸਿੰਘ ਨੇ ਸਾਬਕਾ ਵਿਦਿਆਰਥੀਆਂ ਨੂੰ ਆਪਣੇ ਸਕਾਰਾਤਮਕ ਫੀਡਬੈਕ ਦੁਆਰਾ ਵਿਭਾਗ ਦੀਆਂ ਭਵਿੱਖ ਦੀਆਂ ਯੋਜਨਾਵਾਂ ਵਿੱਚ ਬੜੀ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮਗਰੋਂ ਪ੍ਰੋ. ਜੁਪਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੂੰ ਕਾਲਜ ਨਾਲ ਜੋੜੀ ਰੱਖਦੇ ਹਨ ਅਤੇ ਉਨ੍ਹਾਂ ਵੱਲੋਂ ਪੇਸ਼ ਕੀਤੇ ਜਾਂਦੇ ਵਡਮੁੱਲੇ ਵਿਚਾਰ ਕਾਲਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅਖੀਰ ਵਿੱਚ ਵਿਭਾਗ ਦੇ ਕੁਝ ਸਾਬਕਾ ਵਿਦਿਆਰਥੀਆਂ ਨੇ ਆਪਣੇ ਵਿਦਿਆਰਥੀ ਜੀਵਨ ਦੇ ਯਾਦਗਾਰੀ ਪਲਾਂ ਨੂੰ ਸਾਂਝਾ ਕੀਤਾ ਅਤੇ ਵਿਭਾਗ ਦੇ ਅਧਿਆਪਕਾਂ ਦਾ ਸਹੀ ਮਾਰਗਦਰਸ਼ਨ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਗਣਿਤ ਵਿਭਾਗ ਦੇ ਮੁਖੀ ਪ੍ਰੋ. ਨਮਿਤਾ ਬੇਰੀ ਅਤੇ ਅਰਥ ਸ਼ਾਸਤਰ ਵਿਭਾਗ ਦੇ ਡਾ. ਹਰਸਿਮਰਨ ਸਿੰਘ, ਡਾ. ਹਰਵਿੰਦਰ ਕੌਰ, ਡਾ. ਗੁਰਜਿੰਦਰ ਕੌਰ ਅਤੇ ਪ੍ਰੋ. ਰਾਜਵੀਰ ਕੌਰ ਹਾਜ਼ਰ ਸਨ।