ਸ੍ਰੀ ਫਤਹਿਗੜ੍ਹ ਸਾਹਿਬ/ 1 ਮਈ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਸਹਿਯੋਗ ਨਾਲ 3 ਮਈ ਨੂੰ ਸੋਹਣ ਫਾਰਮ ਵਿਖੇ ਡਿਫੈਂਸ ਕਮੇਟੀਆਂ ਦੀ ਉੱਚ ਪੱਧਰੀ ਮੀਟਿੰਗ ਕਰਵਾਈ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਇਸ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਹਣ ਫਾਰਮ ਸਰਹਿੰਦ ਵਿਖੇ ਹੋਣ ਵਾਲੀ ਇਸ ਮੀਟਿੰਗ ਵਿੱਚ ਵਿਧਾਇਕ ਅਨਮੋਲ ਗਗਨ ਮਾਨ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਸੈਂਟਰਲ ਦੇ ਜੋਨਲ ਕੋਆਰਡੀਨੇਟਰ ਸੁਖਜੀਤ ਸਿੰਘ ਢਿੱਲਵਾਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ ਅਤੇ ਜ਼ਿਲ੍ਹੇ ਭਰ ਤੋਂ ਡਿਫੈਂਸ ਕਮੇਟੀਆਂ ਦੇ ਵੱਡੀ ਗਿਣਤੀ ਮੈਂਬਰ ਮੀਟਿੰਗ ਵਿੱਚ ਹਿੱਸਾ ਲੈਣਗੇ ਜਿਨਾਂ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਸਬੰਧੀ ਯੋਜਨਾਬੱਧ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਡਿਫੈਂਸ ਕਮੇਟੀਆਂ ਆਮ ਲੋਕਾਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆਂ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਉਤਸ਼ਾਹਿਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਹਰਕਤਾਂ ਬਾਰੇ ਪੁਲਿਸ ਨਾਲ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਲਈ ਕਾਰਜਸ਼ੀਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਸ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰਨ ਲਈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਜਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਸਰਗਰਮ ਸਹਿਯੋਗ ਪਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਸਿਵਲ ਸਰਜਨ ਦਵਿੰਦਰਜੀਤ ਕੌਰ, ਐਕਸੀਅਨ ਪੰਚਾਇਤੀ ਰਾਜ ਜਸਬੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।