ਸ੍ਰੀ ਫ਼ਤਹਿਗੜ੍ਹ ਸਾਹਿਬ/2 ਮਈ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ "ਪੰਜਾਬ ਵਿਚ ਆਧੁਨਿਕ ਰਾਜਨੀਤਿਕ ਚੁਣੌਤੀਆਂ: ਨਸ਼ੇ, ਪ੍ਰਵਾਸ, ਖੇਤੀਬਾੜੀ ਸੰਕਟ ਅਤੇ ਉਨ੍ਹਾਂ ਦੀ ਗਤੀਵਿਧੀਆਂ" ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਮੁੱਖ ਵਕਤਾ ਸੁਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ, ਫ਼ਤਿਹਗੜ੍ਹ ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਜੋਕੇ ਪੰਜਾਬ ਦੀਆਂ ਮੁੱਖ ਰਾਜਨੀਤਿਕ ਚੁਣੌਤੀਆਂ ਬਾਰੇ ਬਹੁਮੁੱਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਚੁਣੌਤੀਆਂ ਆਪਸੀ ਤੌਰ 'ਤੇ ਜੁੜੀਆਂ ਹੋਈਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਵਾਸ ਅਤੇ ਇਸ ਦੇ ਸਮਾਜਿਕ-ਆਰਥਿਕ ਪ੍ਰਭਾਵਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਪੰਜਾਬ ਵਿਚ ਮੌਜੂਦਾ ਖੇਤੀਬਾੜੀ ਦੇ ਸੰਕਟ ਦੇ ਹਵਾਲੇ ਵੀ ਦਿੱਤੇ। ਵਿਭਾਗ ਦੀ ਇੰਚਾਰਜ ਰਮਨਦੀਪ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਜਮਸ਼ੀਦ ਅਲੀ ਖ਼ਾਨ ਨੇ ਪਰਧਨਿਗੀ ਭਾਸ਼ਣ ਦਿੱਤਾ ਅਤੇ ਡਾ. ਹਰਵਿੰਦਰ ਭੱਟੀ ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ। ਇਸ ਮੌਕੇ 'ਤੇ ਡੀਨ ਸਟੂਡੈਂਟ ਵੈਲਫੇਅਰ ਡਾ. ਸਿਕੰਦਰ ਸਿੰਘ, ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ, ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ, ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਰਹੇ।ਉਪਕੁਲਪਤੀ ਡਾ. ਪ੍ਰਿਤਪਾਲ ਸਿੰਘ ਜੀ ਨੇ ਵਿਭਾਗ ਨੂੰ ਪ੍ਰੋਗਰਾਮ ਦੀ ਸਫਲਤਾ ਲਈ ਵਧਾਈ ਦਿੱਤੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵੀ ਵਿਭਾਗ ਦੀ ਪ੍ਰਸ਼ੰਸਾ ਕੀਤੀ ਅਤੇ ਅਜਿਹੇ ਆਧੁਨਿਕ ਮੁੱਦਿਆਂ ਉੱਤੇ ਚਰਚਾ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।