ਸ੍ਰੀ ਫਤਿਹਗੜ੍ਹ ਸਾਹਿਬ/2 ਮਈ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਵੱਲੋਂ ਕੀਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੁਆਰਾ ਜਿਲਾ ਫਤਿਹਗੜ੍ਹ ਸਾਹਿਬ ਅੰਦਰ 'ਡੇਂਗੂ ਵਿਰੋਧੀ ਕੰਪੇਨ' ਤਹਿਤ "ਹਰ ਸ਼ੁਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮਦਰਾਸੀ ਕਲੋਨੀ, ਸਰਹਿੰਦ ਤੋਂ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਤੋਂ ਬਚਾਉਣ , ਮੱਛਰ ਦੀ ਪੈਦਾਵਾਰ ਨੂੰ ਰੋਕਣ ਅਤੇ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਇਸ ਮੁਹਿੰਮ ਦੀ ਅੱਜ ਤੋਂ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਮੁਹਿੰਮ ਉਚ ਅਧਿਕਾਰੀਆਂ ਦੇ ਅਗਲੇ ਹੁਕਮਾਂ ਤੱਕ ਜਾਰੀ ਰੱਖੀ ਜਾਵੇਗੀ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਮੱਛਰ ਦੀ ਪੈਦਾਵਾਰ ਨੂੰ ਰੋਕਣ ਅਤੇ ਉਸ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਹਰ ਫਰਾਈਡੇ ਨੂੰ ਬਤੌਰ ਡਰਾਈ ਡੇਅ ਮਨਾਇਆ ਜਾਵੇ । ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵੱਲੋਂ ਚਲਾਈ ਗਈ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਆਪਣਾ ਸਹਿਯੋਗ ਦੇਣਾ ਯਕੀਨੀ ਬਣਾਉਣ। ਇਸ ਮੌਕੇ ਤੇ ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਡੇਂਗੂ ਬੁਖਾਰ ਦੇ ਲੱਛਣ, ਬਚਾਅ ਅਤੇ ਇਸਦੇ ਇਲਾਜ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ , ਡੇਂਗੂ ਮੱਛਰ ਦਾ ਲਾਰਵਾ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਦਿਨ ਵੇਲੇ ਕੱਟਦਾ ਹੈ । ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜੇ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਆਪਣੇ ਘਰਾਂ ਦਫਤਰਾਂ ਦੇ ਕੂਲਰਾਂ ਦਾ ਪਾਣੀ ਹਰ ਹਫਤੇ ਬਦਲਿਆ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਸਿਹਤ ਸੁਪਰਵਾਈਜਰ ਸੁਖਵਿੰਦਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਬਲਵਿੰਦਰ ਸਿੰਘ, ਇੰਸੈਕਟ ਕੁਲੈਕਟਰ ਮਨਦੀਪ ਕੌਰ, ਨਗਰ ਕੌਸਲ ਦੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ, ਬਰੀਡ ਚੈਕਰ ਹਰਦੀਪ ਸਿੰਘ ਅਤੇ ਹਰਸ਼ਦੀਪ ਸਿੰਘ ਵੀ ਹਾਜ਼ਰ ਸਨ।