ਸ੍ਰੀ ਫ਼ਤਹਿਗੜ੍ਹ ਸਾਹਿਬ/2 ਮਈ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ ਹੈ। ਸਰਕਾਰੀ ਸਕੂਲਾਂ ਵਿੱਚ ਅਤਿਆਧੁਨਿਕ ਕਲਾਸ ਰੂਮ ਬਣਾਏ ਗਏ ਹਨ, ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਹਲਕੇ ਦੇ ਵੱਖੋ ਵੱਖ 07 ਸਕੂਲਾਂ ਵਿੱਚ ਕਰੀਬ 37.1 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਦੌਰਾਨ ਵੱਡੇ ਪੱਧਰ 'ਤੇ ਕੰਮ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਹੋਇਆ ਹੈ।ਇਨ੍ਹਾਂ ਯਤਨਾਂ ਦਾ ਵਿਦਿਆਰਥੀਆਂ ਦੇ ਵਿਦਿਅਕ ਪੱਧਰ 'ਤੇ ਵੀ ਚੰਗਾ ਅਸਰ ਪਿਆ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਦਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ।ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬਾਕੀ ਰਾਜਾਂ ਲਈ ਵੀ ਮਿਸਾਲ ਕਾਇਮ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬਜਟ ਵਿਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਕੂਲਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਯਕੀਨੀ ਤੌਰ 'ਤੇ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੋਲਰ ਪੈਨਲ, ਮੁਫ਼ਤ ਕਿਤਾਬਾਂ ਅਤੇ ਮੁਫਤ ਵਰਦੀਆਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਦੇ ਨਾਲ-ਨਾਲ ਚੰਗੇ ਦਰਜੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਸਕਣ।ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਅਵੱਲ ਦਰਜੇ ਦਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ।