ਸ੍ਰੀ ਫ਼ਤਹਿਗੜ੍ਹ ਸਾਹਿਬ/3 ਮਈ :
(ਰਵਿੰਦਰ ਸਿੰਘ ਢੀਂਡਸਾ)
ਪਿਛਲੀਆਂ ਸਰਕਾਰਾਂ ਦੀਆਂ ਪੁਸ਼ਤ ਪਨਾਹੀਆਂ ਕਾਰਨ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਸ਼ੇ ਪੁੱਜੇ ਅਤੇ ਪਾਣੀਆਂ ਦੀ ਲੁੱਟ ਵੀ ਹੁੰਦੀ ਰਹੀ ਹੈ। ਇਸ ਕਾਰਨ ਕਦੇ ਪੰਜਾਬ ਵਿੱਚ ਦਹਿਸ਼ਤਗਰਦੀ ਦਾ ਦੌਰ ਆਇਆ ਤੇ ਕਦੇ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪਿਆ। ਕਈ ਆਗੂਆਂ ਨੇ ਗੁਰਦੁਆਰਾ ਸਾਹਿਬ ਵੱਲ ਹੱਥ ਕਰ ਕੇ ਨਸ਼ੇ ਖਤਮ ਕਰਨ ਦੀ ਸਹੁੰ ਵੀ ਖਾਧੀ ਪਰ ਲੋਕਾਂ ਨੂੰ ਧੋਖਾ ਹੀ ਮਿਲਿਆ ਤੇ ਨਸ਼ਿਆਂ ਵਿੱਚ ਵਾਧਾ ਹੁੰਦਾ ਗਿਆ। ਪੰਜਾਬ ਦੇ ਪਾਣੀ ਦੀ ਲੁੱਟ ਲਈ ਨਹਿਰਾਂ ਬਣਾਉਣ ਲਈ ਟੱਕ ਲਾਉਣ ਵਾਲੇ ਆਗੂ ਬਾਅਦ ਵਿੱਚ ਆਪਣੇ ਆਪ ਨੂੰ ਪਾਣੀਆਂ ਦੇ ਰਾਖੇ ਵੀ ਅਖਵਾਉਂਦੇ ਰਹੇ। ਇਹ ਤਾਂ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ 'ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ।
ਪੰਜਾਬ ਵਿੱਚ ਨਸ਼ਾ ਕਿਸੇ ਵੀ ਹਾਲਤ ਵਿੱਚ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਪਾਣੀਆਂ ਦੀ ਲੁੱਟ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਹਣ ਫਾਰਮ, ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਵਿਲੇਜ ਡਿਫੈਂਸ ਕਮੇਟੀ ਦੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵਿਦਿਅਕ ਸੈਸ਼ਨ ਤੋਂ 02-02 ਮਹੀਨੇ ਬਾਅਦ ਵੀ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲਦੀਆਂ ਹੁੰਦੀਆਂ ਸਨ ਪਰ ਹੁਣ 01 ਅਪ੍ਰੈਲ ਨੂੰ ਸੈਸ਼ਨ ਸ਼ੁਰੂ ਹੋਇਆ ਪਰ ਅਗੇਤੇ ਤੌਰ ਉੱਤੇ ਹੀ 20 ਮਾਰਚ ਨੂੰ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਤੇ ਵਰਦੀਆਂ ਪੁੱਜ ਗਈਆਂ ਸਨ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਤੇ ਖੇਤਾਂ ਨੂੰ ਬਿਜਲੀ ਵੀ ਪੂਰੀ ਮਿਲ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਿਹਤ ਸੇਵਾਵਾਂ ਦਾ ਬੁਰਾ ਹਾਲ ਸੀ ਤੇ ਅੱਜ ਵੱਡੀ ਗਿਣਤੀ ਲੋਕ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਅਪਣਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੇ ਭਲੇ ਵਾਸਤੇ ਐਨਾ ਕੰਮ ਕੀਤਾ ਹੈ, ਜਿੰਨਾ ਪਿਛਲੀਆਂ ਸਰਕਾਰਾਂ ਨੇ 75 ਸਾਲ ਵਿੱਚ ਨਹੀਂ ਕੀਤਾ ਸੀ।
ਉਹਨਾਂ ਕਿਹਾ ਕਿ ਕਿਸੇ ਵਿੱਚ ਹਿੰਮਤ ਨਹੀਂ ਸੀ ਕਿ ਨਸ਼ਿਆਂ ਖਿਲਾਫ ਕੋਈ ਬੋਲੇ ਪਰ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਠੱਲ੍ਹ ਪਾ ਕੇ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਉਹਨਾਂ ਗ੍ਰਾਮ ਪੰਚਾਇਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨਸ਼ਿਆਂ ਖਿਲਾਫ ਮਤੇ ਪਾਏ ਹਨ ਤੇ ਜਿਹੜੇ ਪਿੰਡਾਂ ਵਿੱਚ ਨਸ਼ੇ ਮੁਕੰਮਲ ਤੌਰ ਉੱਤੇ ਖਤਮ ਹੋਏ ਹਨ, ਉਹਨਾਂ ਨੂੰ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਨਾਲ ਹੀ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਤੇ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਵੱਲੋਂ ਮਿਲਣ ਵਾਲੀ ਸੂਚਨਾ ਉਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ, ਉਹਨਾਂ ਦਾ ਇਲਾਜ ਕਰਵਾਉਣਾ ਹੈ ਤੇ ਜਿਹੜੇ ਨਸ਼ੇ ਵੇਚਦੇ ਹਨ, ਉਨ੍ਹਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਰੋਕਣ ਲਈ ਜਿੰਨਾ ਡਟ ਕੇ ਸਟੈਂਡ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਹੈ, ਓਨਾ ਅੱਜ ਤਕ ਕਿਸੇ ਨੇ ਨਹੀਂ ਲਿਆ। ਸਮਾਗਮ ਦੌਰਾਨ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਤੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀ ਬਚਾਉਣ ਲਈ ਡਟ ਕੇ ਸਟੈਂਡ ਲਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਾਰੇ ਲੋਕ ਸਾਥ ਦੇਣ। ਉਹਨਾਂ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਵੱਲੋਂ ਨੌਜਵਾਨਾਂ ਨੂੰ ਵਰਗਲਾ ਕੇ ਨਸ਼ਿਆਂ ਵਿਚ ਪਾਇਆ ਜਾਂਦਾ ਹੈ ਪਰ ਕਈ ਵਾਰ ਪਰਿਵਾਰ ਵਾਲੇ ਇਹ ਗੱਲ ਕਿਸੇ ਨੂੰ ਦੱਸਦੇ ਨਹੀਂ, ਜਿਸ ਨਾਲ ਇਹ ਬਿਮਾਰੀ ਵਧਦੀ ਜਾਂਦੀ ਹੈ ਤੇ ਫੇਰ ਇਸ ਦਲਦਲ ਵਿਚੋਂ ਬਾਹਰ ਆਉਣ ਵਿੱਚ ਸਮਾਂ ਲੱਗ ਜਾਂਦਾ ਹੈ।ਹਲਕਾ ਵਿਧਾਇਕ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ੇ ਵੇਚ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਹਨਾਂ ਨੂੰ ਢਾਹਿਆ ਜਾ ਰਿਹਾ ਹੈ।
ਹੇਠਲੇ ਪੱਧਰ ਤਕ ਸਾਰੇ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਬਿਮਾਰੀ ਨੂੰ ਖਤਮ ਕਰਨ ਦੀ ਲੋੜ ਹੈ। ਅੱਜ ਲੋਕਾਂ ਵੱਲੋਂ ਇਸ ਗੱਲ ਲਈ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਕਿ ਵੱਡੇ ਤੋਂ ਵੱਡੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ ਤੇ ਲੋਕ ਆਪਣਾ ਫਰਜ਼ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਮੀਡੀਆ ਦਾ ਬਹੁਤ ਵੱਡਾ ਯੋਗਦਾਨ ਹੈ।ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਦੀ ਲੋੜ ਤਾਂ ਪਈ ਕਿਉੰਕਿ ਪਿਛਲੀਆਂ ਸਰਕਾਰਾਂ ਵੇਲੇ ਜਿਹੜੇ ਤਸਕਰਾਂ ਨੂੰ ਨੱਥ ਪਾਉਣ ਦੀ ਲੋੜ ਸੀ, ਉਲਟਾ ਉਹਨਾਂ ਦੀ ਪੁਸ਼ਤ ਪਨਾਹੀ ਕੀਤੀ ਗਈ। ਪਹਿਲਾਂ ਜੇਕਰ ਬੰਦਾ ਫੜਿਆ ਜਾਂਦਾ ਸੀ ਤਾਂ ਸਰਪੰਚ ਤੇ ਹੋਰ ਮੋਹਰੀ ਆਗੂ ਉਹਨਾਂ ਨੂੰ ਛੁਡਵਾ ਕੇ ਲੇ ਆਉਂਦੇ ਸਨ ਪਰ ਹੁਣ ਚੰਗੀਆਂ ਪੰਚਾਇਤਾਂ ਬਣੀਆਂ ਹਨ, ਜਿਹੜੀਆਂ ਨਸ਼ਿਆਂ ਖਿਲਾਫ ਮਤੇ ਪਾ ਰਹੀਆਂ ਹਨ ਤੇ ਕਿਸੇ ਆਗੂ ਵੱਲੋਂ ਨਸ਼ੇ ਵਾਲੇ ਵਿਅਕਤੀ ਦੇ ਹੱਕ ਵਿੱਚ ਕੋਈ ਫੋਨ ਨਹੀਂ ਕੀਤਾ ਜਾਂਦਾ। ਉਹਨਾਂ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ ਉਨ੍ਹਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਾਥ ਦੇ ਕੇ ਇਲਾਜ ਕਰਵਾਇਆ ਜਾਵੇਗਾ ਤੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਸੱਦਾ ਦਿੱਤਾ ਕਿ ਅੱਜ ਹਰ ਇਕ ਵਿਅਕਤੀ ਨੂੰ ਪਾਣੀਆਂ ਨੂੰ ਬਚਾਉਣ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਨਸ਼ਿਆਂ ਖਿਲਾਫ ਕੀਤੀਆਂ ਜਾ ਰਹੀਆਂ ਕਰਵਾਈਆਂ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੀਡੀਓਜ਼ ਦੇ ਰੂਪ ਵਿੱਚ ਵੀ ਦਿਖਾਇਆ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ, ਸਮੇਤ ਆਮ ਆਦਮੀ ਪਾਰਟੀ ਦੇ ਵੱਖੋ ਵੱਖ ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।