ਸ੍ਰੀ ਫਤਹਿਗੜ੍ਹ ਸਾਹਿਬ, 3 ਮਈ :
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਹਾਦਰਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਡੈਸਕ ਤੇ ਕੁਰਸੀਆਂ, ਚਾਰਦੀਵਾਰੀ ਤੇ ਹੋਰ ਵੱਖੋ ਵੱਖ ਸਹੂਲਤਾਂ ਸ਼ਾਮਲ ਹਨ।ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਉਸਾਰੂ ਵਿਦਿਅਕ ਮਾਹੌਲ ਮਿਲਣ ਸਦਕਾ ਲਗਭਗ 200 ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈਸਟ ਪਾਸ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਵਿਧਾਇਕ ਰਾਏ ਨੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਕਮਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲਾਂ ਦੇ ਵਿਦਿਆਰਥੀ, ਮਾਪੇ ਤੇ ਅਧਿਆਪਕ ਹਾਜ਼ਰ ਸਨ।