ਸ੍ਰੀ ਫਤਹਿਗੜ੍ਹ ਸਾਹਿਬ/5 ਮਈ :
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਆਰੰਭ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਬਾਰੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਬੀਤੇ ਦਿਨੀ ਜਿਲ੍ਹਾ ਪੱਧਰੀ ਪ੍ਰੋਗਰਾਮ ਸੋਹਣ ਫਾਰਮ ਸਰਹਿੰਦ ਵਿਖੇ ਸਫਲਤਾ ਪੂਰਵਕ ਕਰਵਾਇਆ ਗਿਆ ਹੈ ਅਤੇ ਇਸ ਤੋਂ ਬਾਅਦ ਹੁਣ 7 ਮਈ ਤੋਂ ਰੋਜ਼ਾਨਾ ਦੇ ਅਧਾਰ ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਵਿੱਚ ਜਾਗਰੁਕਤਾ ਸਮਾਗਮ ਕਰਵਾਏ ਜਾਣਗੇ ਜਿਸ ਵਿੱਚ ਹਲਕਾ ਵਿਧਾਇਕ, ਸਰਪੰਚ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸੀਨੀਅਰ ਮੈਡੀਕਲ ਅਫ਼ਸਰ, ਥਾਣਾ ਮੁਖੀ ਸ਼ਿਰਕਤ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕਰਨਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਜਮੀਨੀ ਪੱਧਰ ਉੱਤੇ ਪ੍ਰਸ਼ਾਸਨਿਕ ਪਹੁੰਚ ਨੂੰ ਯਕੀਨੀ ਬਣਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਗਰੂਕ ਕਰਨਾ ਮਿਥਿਆ ਗਿਆ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣਾ ਯਕੀਨੀ ਬਣਾਉਣ।ਮੀਟਿੰਗ ਦੌਰਾਨ ਐਸਪੀ ਰਾਕੇਸ਼ ਕੁਮਾਰ ਯਾਦਵ, ਸਮੂਹ ਉਪ ਮੰਡਲ ਮੈਜਿਸਟਰੇਟ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸਿਵਲ ਸਰਜਨ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।