ਸ੍ਰੀ ਫ਼ਤਹਿਗੜ੍ਹ ਸਾਹਿਬ/8 ਮਈ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲੇ ਭਰ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆ ਦੇ ਮੋਬਾਈਲ ਫੋਨ 24 ਘੰਟੇ ਚਾਲੂ ਹਾਲਤ ਵਿੱਚ ਰੱਖੇ ਜਾਣ ਤਾਂ ਜੋ ਕਿਸੇ ਵੀ ਅਧਿਕਾਰੀ/ ਕਰਮਚਾਰੀ ਨੂੰ ਕਿਸੇ ਵੀ ਸਮੇਂ ਡਿਊਟੀ ਤੇ ਬੁਲਾਇਆ ਜਾ ਸਕੇ। ਉਹਨਾਂ ਕਿਹਾ ਕਿ ਉੱਚ ਅਧਿਕਾਰੀਆਂ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਅਧਿਕਾਰੀ/ ਕਰਮਚਾਰੀ ਨੂੰ ਛੁੱਟੀ ਨਾ ਦਿੱਤੀ ਜਾਵੇ ਅਤੇ ਉਹ ਆਪੋ ਆਪਣਾ ਹੈਡ ਕੁਆਰਟਰ ਮੇਨਟੇਨ ਕਰਨਾ ਯਕੀਨੀ ਬਣਾਉਣ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸਾਰੇ ਸਿਹਤ ਕੇਂਦਰਾਂ ਦੇ ਮੈਡੀਕਲ ਅਕਿਊਪਮੈਂਟ , ਫਸਟ ਏਡ ਸਪਲਾਈ , ਦਵਾਈਆਂ, ਐਮਰਜੈਂਸੀ ਸੇਵਾਵਾਂ ਅਤੇ ਅਤੇ ਹੋਰ ਸਿਹਤ ਸੇਵਾਵਾਂ ਚੁਸਤ ਦਰੁਸਤ ਰੱਖੀਆਂ ਜਾਣ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਜਿਲਾ ਸਿਹਤ ਅਫਸਰ ਡਾ. ਅਮਨਦੀਪ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫਸਰ ਵੀ ਹਾਜਰ ਸਨ।