ਸ੍ਰੀ ਫਤਿਹਗੜ੍ਹ ਸਾਹਿਬ/14 ਮਈ:
(ਰਵਿੰਦਰ ਸਿੰਘ ਢੀਂਡਸਾ)
ਜਿਲ੍ਹੇ ਅੰਦਰ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤੋਂ ਇਲਾਵਾ "ਟੀ.ਬੀ.ਮੁਕਤ ਭਾਰਤ ਅਭਿਆਨ" ਤਹਿਤ 100 ਦਿਨਾਂ ਚਲਾਈ ਗਈ ਟੀ.ਬੀ.ਵਿਰੋਧੀ ਵਿਸ਼ੇਸ਼ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਕਰਨ ਕਰਕੇ ਸੂਬੇ ਵਿੱਚੋਂ ਪਹਿਲੇ ਸਥਾਨ ਤੇ ਆਉਣ ਕਾਰਨ ਅਤੇ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚੇ ਸਮੇਂ ਸਿਰ ਪੂਰੇ ਕਰਨ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਸਿਵਲ ਸਰਜਨਾਂ ਦੀ ਸੂਬਾ ਪੱਧਰੀ ਕਾਂਨਫਰੰਸ ਦੌਰਾਨ ਜਿਲ੍ਹੇ ਦੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੂੰ ਵਿਸੇ਼ਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ.ਹਿਤਿੰਦਰ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਅੰਦਰ ਵਿਭਾਗ ਵਿੱਚ ਕੰਮ ਕਰਦੇ ਸਮੁਚੇ ਅਧਿਕਾਰੀਆਂ / ਕਰਮਚਾਰੀਆਂ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਇਮਾਨਦਾਰੀ ਅਤੇ ਤਨ-ਮਨ ਨਾਲ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਕਰਕੇ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਸਿਵਲ ਸਰਜਨ ਨੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਜਿਲ੍ਹੇ ਅੰਦਰ ਹੋਰ ਵਧੇਰੇ ਮਹਿਨਤ ਤੇ ਲਗਨ ਨਾਲ ਕੰਮ ਕਰਨਗੇ। ਉਨ੍ਹਾਂ ਜਿਲ੍ਹੇ ਅਧੀਨ ਵਿਭਾਗ ਵਿੱਚ ਕੰਮ ਕਰਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਲਈ ਆਏ ਮਰੀਜਾਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਅਤੇ ਮਰੀਜਾਂ ਦੀ ਹਰ ਪੱਖ ਤੋਂ ਹਰ ਸੰਭਵ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਰੀਜਾਂ ਨਾਲ ਚੰਗਾ ਵਿਵਹਾਰ ਰੱਖਿਆ ਜਾਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ। ਇਸ ਮੌਕੇ ਤੇ ਸੂਬਾ ਪੱਧਰ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਜਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ.ਕੰਵਲਦੀਪ ਸਿੰਘ ਵੀ ਹਾਜਰ ਸਨ।