ਸ੍ਰੀ ਫਤਹਿਗੜ ਸਾਹਿਬ/16 ਮਈ :
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿੱਚ ਆਰਟੀਓ ਦਫਤਰ ਦੀ ਟੀਮ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਾਂਚ ਟੀਮਾਂ ਨੇ ਜਿੱਥੇ ਸਕੂਲੀ ਵਾਹਨਾਂ ਦੇ ਦਸਤਾਵੇਜਾਂ ਦੀ ਜਾਂਚ ਕੀਤੀ ਉੱਥੇ ਹੀ ਸੇਫ ਸਕੂਲ ਵਾਹਨ ਪਾਲਸੀ ਅਧੀਨ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਵੀ ਨਿਰੀਖਣ ਕੀਤਾ ਗਿਆ। ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਜਾਂਚ ਪੜਤਾਲ ਦੀ ਪ੍ਰਕਿਰਿਆ ਲਗਾਤਾਰ ਜਾਰੀ ਰੱਖੀ ਜਾਂਦੀ ਹੈ। ਉਹਨਾਂ ਦੱਸਿਆ ਕਿ ਜਿਹੜੇ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਚਲਾਉਂਦੇ ਨਹੀਂ ਪਾਏ ਜਾਂਦੇ ਉਹਨਾਂ ਦੇ ਚਲਾਨ ਕੱਟੇ ਜਾਂਦੇ ਹਨ।ਇਸ ਮੌਕੇ ਏਡੀਟੀਓ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਜਾਂਚ ਟੀਮ ਨੇ ਬਸੀ ਪਠਾਣਾ ਦੇ ਇਰਦ ਗਿਰਦ ਅੱਠ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਿੰਨਾਂ ਵਿੱਚੋਂ ਚਾਰ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ। ਉਹਨਾਂ ਦੱਸਿਆ ਕਿ ਇਹਨਾਂ ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ ਹਨ ਅਤੇ ਭਵਿੱਖ ਵਿੱਚ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੀ ਹਦਾਇਤ ਕੀਤੀ ਗਈ ਹੈ।ਉਹਨਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ, ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ, ਵਿੱਚ ਲੇਡੀ ਸਹਾਇਕ ਹੋਣੀ ਜਰੂਰੀ ਹੈ। ਉਹਨਾਂ ਇਹ ਵੀ ਕਿਹਾ ਕਿ ਸਕੂਲੀ ਬੱਸਾਂ ਨੂੰ ਪਾਲਿਸੀ ਅਨੁਸਾਰ ਦਰੁਸਤ ਕਰਨ ਸਬੰਧੀ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਮੁੱਖੀਆਂ ਨੂੰ ਵੀ ਹਦਾਇਤ ਕੀਤੀ ਜਾਂਦੀ ਹੈ।