ਸ੍ਰੀ ਫ਼ਤਹਿਗੜ੍ਹ ਸਾਹਿਬ/20 ਮਈ :
(ਰਵਿੰਦਰ ਸਿੰਘ ਢੀਂਡਸਾ)
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕੀਤੇ ਜਾ ਰਹੇ ਵੱਖ ਵੱਖ ਉਪਰਾਲੇ, ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦੇ ਸਮਰੱਥ ਹਨ। ਸਰਕਾਰੀ ਪ੍ਰਾਇਮਰੀ ਸਕੂਲ ਰੁੜਕੀ ਵਿਖੇ ਬੈਡਮਿੰਟਨ ਗਰਾਊਂਡ ਤੇ ਪਾਥਵੇ, ਚਾਰਦੀਵਾਰੀ ਦੀ ਮੁਰੰਮਤ ਸਮੇਤ ਹੋਰ ਕਾਰਜਾਂ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਜਿੱਥੇ ਉਸਾਰੂ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ ਉੱਥੇ ਨਾਲ ਹੀ ਖੇਡਾਂ ਲਈ ਲੋੜੀਂਦੀਆਂ ਸੁਵਿਧਾਵਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਵਿਦਿਆਰਥੀ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਣ।
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਕੂਲਾਂ ਦੇ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਜਾ ਰਹੀ ਹੈ ਕਿ ਉਹ ਸਕੂਲਾਂ ਵਿੱਚ ਚੋਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਹਨਾਂ ਬੂਟਿਆਂ ਦੀ ਨਿਯਮਤ ਦੇਖਭਾਲ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਇਹ ਵੀ ਦੇਖਣ ਵਿੱਚ ਆ ਰਿਹਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਬਹੁਤ ਉਤਸ਼ਾਹ ਨਾਲ ਭਾਗ ਲੈਂਦੇ ਹਨ ਜੋ ਕਿ ਸਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਮਿਹਨਤੀ ਅਤੇ ਤਜਰਬੇਕਾਰ ਅਧਿਆਪਕਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜ਼ਾਰੀ ਵਿੱਚ ਲਗਾਤਾਰ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਸਰਪੰਚ ਅਰਸ਼ ਰੁੜਕੀ, ਤਰਸੇਮ ਉੱਪਲ, ਰਾਜੇਸ਼ ਉੱਪਲ, ਰਾਜਦੀਪ ਰਾਜੂ, ਗੁਰਪ੍ਰੀਤ ਭਿੰਡਰ, ਸੈਕਟਰੀ ਮਨਵੀਰ, ਸਨੀ ਚੋਪੜਾ, ਮਾਨਵ ਟਿਵਾਣਾ, ਸਤੀਸ਼ ਲਟੌਰ, ਗੁਰਮੇਲ ਸਿੰਘ, ਜ਼ਿੰਦੂ ਚਨਾਰਥਲ, ਬੱਗਾ ਨਲੀਨੀ, ਭਰਪੂਰ ਸਿੰਘ ਸਮੇਤ ਪਿੰਡ ਦੇ ਵੱਡੀ ਗਿਣਤੀ ਵਸਨੀਕ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।