ਸ੍ਰੀ ਫਤਿਹਗੜ੍ਹ ਸਾਹਿਬ/ 27 ਮਈ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਸਬੰਧੀ ਦਿੱਤੇ ਗਏ ਆਦੇਸ਼ਾਂ ਦੇ ਮੱਦੇ ਨਜ਼ਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਅੱਜ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਕਿਉਂਕਿ ਸੂਬੇ ਵਿੱਚ ਕਤਲੋ ਗਾਰਤ ,ਲੁੱਟਾਂ, ਖੋਹਾਂ ਦੀਆਂ ਵਾਰਦਾਤਾਂ ਵਾਪਰਣ ਤੋਂ ਇਲਾਵਾ ਆਮ ਲੋਕਾਂ ਤੋਂ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਨੰਗਲ ਵਿਖੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦਾ ਫੈਸਲਾ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਸਿੱਧੀ ਦਖਲ ਅੰਦਾਜ਼ੀ ਹੈ ਜਿਸ ਲਈ ਮੁੱਖ ਮੰਤਰੀ ਪੰਜਾਬ ਨੂੰ ਨੰਗਲ ਵਿਖੇ ਪਾਣੀਆਂ ਦੀ ਰਾਖੀ ਲਈ ਧਰਨੇ ਲਗਾਉਣ ਦੀ ਬਜਾਏ ਦਿੱਲੀ ਜਾ ਕੇ ਲਗਾਉਣੇ ਚਾਹੀਦੇ ਹਨ ।ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਨੀਤੀ ਅਯੋਗ ਦੀ ਮੀਟਿੰਗ ਵਿੱਚ ਪੰਜਾਬ ਦਾ ਪੱਖ ਸਹੀ ਢੰਗ ਨਾਲ ਉਠਾਉਣ ਵਿੱਚ ਨਾਕਾਮ ਰਹੇ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਪਾਸੋਂ ਪੰਜਾਬ ਤੇ ਰਾਜ ਦੀਆਂ ਸਰਹੱਦਾਂ ਤੇ ਅਣਸੂਖਾਵੇਂ ਮਾਹੌਲ ਕਾਰਨ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨੀ ਚਾਹੀਦੀ ਸੀ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਸਰਬ ਦਲੀਏ ਡੈਲੀਗੇਸ਼ਨ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੰਜਾਬ ਦੇ ਮਸਲਿਆਂ ਨੂੰ ਉਠਾਇਆ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਇਨਸਾਫ ਮਿਲ ਸਕੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਰੰਧਾਵਾ, ਜੈ ਸਿੰਘ ਬਾੜਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ ਅਤੇ ਹੋਰ ਆਗੂ ਵੀ ਹਾਜ਼ਰ ਸਨ।