ਸ੍ਰੀ ਫ਼ਤਹਿਗੜ੍ਹ ਸਾਹਿਬ/ 30 ਜੂਨ:
(ਰਵਿੰਦਰ ਸਿੰਘ ਢੀਂਡਸਾ)
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਮੰਤਵ ਨਾਲ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ 01 ਜੁਲਾਈ ਤੋਂ 31 ਜੁਲਾਈ ਤੱਕ ਸਵੱਛਤਾ ਅਪਣਾਓ, ਬਿਮਾਰੀਆਂ ਭਜਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਕੌਂਸਲ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਨੇ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਕੌਂਸਲ ਵੱਲੋਂ ਸ਼ਹਿਰ ਦੇ ਸਮੂਹ ਵਾਰਡਾਂ ਵਿੱਚੋਂ ਕੂੜਾ ਕਰਕਟ ਇਕੱਠਾ ਕੀਤਾ ਜਾਵੇਗਾ, ਲੋਕਾਂ ਨੂੰ ਕੂੜੇ ਤੋ ਖਾਦ ਬਣਾਉਣ ਦੀ ਸਿਖਲਾਈ ਦਿੱਤੀ ਜਾਵੇਗੀ, ਸੜਕਾਂ ਤੇ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਵਾ ਕੇ ਉਨ੍ਹਾਂ ਥਾਵਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਮਲਬਾ ਚੁਕਾਇਆ ਜਾਵੇਗਾ।ਇਸ ਮੌਕੇ ਕੌਂਸਲ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਤੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਨੇ ਕਿਹਾ ਕਿ ਸਵੱਛਤਾ ਸਾਡੇ ਸਭਨਾਂ ਲਈ ਬਹੁਤ ਜਰੂਰੀ ਹੈ ਕਿਉਂਕਿ ਗੰਦਗੀ ਨਾਲ ਕਈ ਖ਼ਤਰਨਾਕ ਬਿਮਾਰੀਆਂ ਫੈਲਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਵਾਸਤੇ ਕੌਂਸਲ ਵੱਲੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਸਾਰੇ ਨਾਗਰਿਕਾਂ ਨੂੰ ਵੱਧ ਚੜ ਕੇ ਸਹਿਯੋਗ ਦੇਣਾ ਚਾਹੀਦਾ ਹੈ।